ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਸੰਘ ਪੰਜਾਬ ਦੇ ਸੱਦੇ ’ਤੇ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਕਰਮਚਾਰੀਆਂ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ।
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਸੰਘ ਪੰਜਾਬ ਦੇ ਸੱਦੇ ’ਤੇ ਨਗਰ ਨਿਗਮ ਹੁਸ਼ਿਆਰਪੁਰ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਕਰਮਚਾਰੀਆਂ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਹੜਤਾਲ ਦੇ ਪਹਿਲੇ ਦਿਨ ਸਫਾਈ ਕਰਮਚਾਰੀ ਯੂਨੀਅਨ, ਸੀਵਰਮੈਨ ਯੂਨੀਅਨ, ਫਾਇਰਮੈਨ ਯੂਨੀਅਨ ਅਤੇ ਟਿਊਬਵੈੱਲ ਯੂਨੀਅਨ ਦੇ ਕਰਮਚਾਰੀ ਨਗਰ ਨਿਗਮ ਦਫ਼ਤਰ ਅੰਦਰ ਦਰੀਆਂ ਵਿਛਾ ਕੇ ਧਰਨੇ ’ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਭਰ ਵਿੱਚ 90 ਫੀਸਦੀ ਤੋਂ ਵੱਧ ਮੁਲਾਜ਼ਮ ਹੜਤਾਲ ’ਤੇ : ਆਦੀਆ
ਸਫਾਈ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੇ ਪ੍ਰਧਾਨ ਕਰਨਜੋਤ ਆਦੀਆ ਨੇ ਕਿਹਾ ਕਿ 6 ਮਈ ਨੂੰ ਪੰਜਾਬ ਭਰ ਦੇ ਮੁਨਿਸਪਲ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਅਤੇ 11 ਮਈ ਤੋਂ ਹੁਸ਼ਿਆਰਪੁਰ ਵਿੱਚ ਵੀ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਭਰ ਵਿੱਚ 90 ਫੀਸਦੀ ਤੋਂ ਵੱਧ ਮੁਲਾਜ਼ਮ ਹੜਤਾਲ ’ਤੇ ਹਨ ਅਤੇ ਹੁਸ਼ਿਆਰਪੁਰ ਵਿੱਚ ਵੀ ਵੱਖ-ਵੱਖ ਯੂਨੀਅਨਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਇਸ ਵਿੱਚ ਹਿੱਸਾ ਲਿਆ ਹੈ।
“ਲਾਰੇ-ਲੱਪਿਆਂ ਵਾਲੀਆਂ ਨੀਤੀਆਂ” ਤੋਂ ਤੰਗ ਮੁਲਾਜ਼ਮ
ਕਰਨਜੋਤ ਆਦੀਆ ਨੇ ਕਿਹਾ ਕਿ ਮੁਲਾਜ਼ਮ ਪੰਜਾਬ ਸਰਕਾਰ ਦੀਆਂ “ਲਾਰੇ-ਲੱਪਿਆਂ ਵਾਲੀਆਂ ਨੀਤੀਆਂ” ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਨਾ ਤਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਹੈ ਅਤੇ ਨਾ ਹੀ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਬਣਦੇ ਹੱਕ, ਡੀ.ਏ. ਅਤੇ ਏਰੀਅਰ ਨਹੀਂ ਦਿੱਤੇ ਜਾ ਰਹੇ। ਆਊਟਸੋਰਸ ਅਤੇ ਇਨ-ਸੋਰਸ ਮੁਲਾਜ਼ਮ ਘੱਟ ਤਨਖਾਹ ’ਤੇ ਕੰਮ ਕਰਨ ਲਈ ਮਜਬੂਰ ਹਨ, ਜਦਕਿ “ਸੇਮ ਵਰਕ, ਸੇਮ ਪੇ” ਦੀ ਨੀਤੀ ਲਾਗੂ ਨਹੀਂ ਕੀਤੀ ਜਾ ਰਹੀ।
“10 ਹਜ਼ਾਰ ਰੁਪਏ ਵਿੱਚ ਗੁਜ਼ਾਰਾ ਕਰਨਾ ਮੁਸ਼ਕਿਲ”
ਕਰਨਜੋਤ ਆਦੀਆ ਨੇ ਕਿਹਾ ਕਿ 10 ਹਜ਼ਾਰ ਰੁਪਏ ਮਹੀਨਾਵਾਰ ਤਨਖਾਹ ਵਿੱਚ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਹੈ, ਪਰ ਸਰਕਾਰ ਨੇ “ਝਾੜੂ ਵਾਲਿਆਂ” ਲਈ ਹੀ ਕੁਝ ਨਹੀਂ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਨੇ ਸਰਕਾਰ ਬਣਾਉਣ ਵਿੱਚ ਵੱਡਾ ਯੋਗਦਾਨ ਦਿੱਤਾ ਸੀ ਅਤੇ ਹੁਣ ਉਹ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਰੈਗੂਲਰ ਕਰਨ ਅਤੇ “ਸੇਮ ਵਰਕ, ਸੇਮ ਪੇ” ਦੀ ਮੰਗ
ਉਨ੍ਹਾਂ ਮੰਗ ਕੀਤੀ ਕਿ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਘੱਟੋ-ਘੱਟ ਤਨਖਾਹ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ, ਡੀ.ਏ. ਅਤੇ ਏਰੀਅਰ ਦੀ ਅਦਾਇਗੀ ਕਰਨ ਅਤੇ ਖਾਲੀ ਅਸਾਮੀਆਂ ’ਤੇ ਪੱਕੀ ਭਰਤੀ ਕਰਨ ਦੀ ਮੰਗ ਵੀ ਉਠਾਈ ਗਈ।
ਉਨ੍ਹਾਂ ਦੱਸਿਆ ਕਿ ਸਫਾਈ ਸ਼ਾਖਾ ਵਿੱਚ ਹੀ ਕਰੀਬ 850 ਕਰਮਚਾਰੀ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 300 ਤੋਂ 350 ਮੁਲਾਜ਼ਮ ਆਊਟਸੋਰਸ ਆਧਾਰ ’ਤੇ ਹਨ। ਕਈ ਕਰਮਚਾਰੀ 20 ਤੋਂ 25 ਸਾਲਾਂ ਤੋਂ ਕੰਮ ਕਰ ਰਹੇ ਹਨ, ਪਰ ਅਜੇ ਤੱਕ ਪੱਕੇ ਨਹੀਂ ਕੀਤੇ ਗਏ।
ਸਫ਼ਾਈ, ਫੌਗਿੰਗ ਤੇ ਪਾਣੀ ਸਪਲਾਈ ਸੇਵਾਵਾਂ ਪ੍ਰਭਾਵਿਤ ਹੋਣ ਦੇ ਆਸਾਰ
ਹੜਤਾਲ ਕਾਰਨ ਸ਼ਹਿਰ ਵਿੱਚ ਸਫਾਈ, ਫੋਗਿੰਗ ਅਤੇ ਟੈਂਕਰਾਂ ਰਾਹੀਂ ਕੀਤੀ ਜਾਣ ਵਾਲੀ ਪਾਣੀ ਸਪਲਾਈ ਵਰਗੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਰਮਚਾਰੀਆਂ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਐਮਰਜੈਂਸੀ ਸੇਵਾਵਾਂ ਹੜਤਾਲ ਤੋਂ ਬਾਹਰ ਰਹਿਣਗੀਆਂ
ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਅਤੇ ਜਾਨਮਾਲ ਨਾਲ ਜੁੜੀਆਂ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਫਾਇਰਮੈਨ ਯੂਨੀਅਨ ਦੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹਨ, ਪਰ ਫਾਇਰ ਬ੍ਰਿਗੇਡ ਦੀ ਐਮਰਜੈਂਸੀ ਸੇਵਾ ਜਾਰੀ ਰੱਖੀ ਜਾਵੇਗੀ, ਤਾਂ ਜੋ ਅੱਗ ਲੱਗਣ ਜਾਂ ਹੋਰ ਕਿਸੇ ਐਮਰਜੈਂਸੀ ਸਥਿਤੀ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ, ਸਗੋਂ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਲਈ ਸੰਘਰਸ਼ ਕਰ ਰਹੇ ਹਨ।
ਵੱਖ-ਵੱਖ ਯੂਨੀਅਨਾਂ ਦੇ ਆਗੂ ਵੀ ਰਹੇ ਮੌਜੂਦ
ਇਸ ਮੌਕੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਟਿੰਕੂ, ਫਾਇਰ ਯੂਨੀਅਨ ਦੇ ਪ੍ਰਧਾਨ ਪ੍ਰਵੀਣ ਸੈਣੀ, ਟਿਊਬਵੈੱਲ ਯੂਨੀਅਨ ਦੇ ਪ੍ਰਧਾਨ ਦਲੀਪ ਕੁਮਾਰ, ਦਫ਼ਤਰੀ ਯੂਨੀਅਨ ਦੇ ਆਗੂ ਅਭਿਸ਼ੇਕ ਮੱਟੂ, ਡਰਾਈਵਰ ਯੂਨੀਅਨ ਦੇ ਪ੍ਰਧਾਨ ਲੇਖ ਰਾਜ ਮੱਟੂ, ਸੈਨੇਟਰੀ ਮੇਟ ਰਜਿੰਦਰ ਕੁਮਾਰ ਵਿੱਕੀ, ਅਸ਼ਵਨੀ ਭੱਟੀ, ਸੈਨੇਟਰੀ ਸੁਪਰਵਾਈਜ਼ਰ ਲੇਖ ਰਾਜ ਨਿੱਟੂ, ਸੰਜੂ, ਹੀਰਾ ਲਾਲ ਸਮੇਤ ਹੋਰ ਆਗੂ ਵੀ ਮੌਜੂਦ ਸਨ।