ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ ਜਲੰਧਰ ’ਚ 80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
Publish Date: Sun, 16 Aug 2026 09:15 PM (IST)
Updated Date: Sun, 16 Aug 2026 09:18 PM (IST)
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਮੋਹਿੰਦਰ ਭਗਤ ਆਜ਼ਾਦੀ ਘੁਲਾਟੀਆਂ ਤੇ ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ, ਲੋੜਵੰਦਾਂ ਨੂੰ ਸਹਾਇਤਾ ਸਮੱਗਰੀ ਵੰਡੀ ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੋਹਿੰਦਰ ਭਗਤ ਨੇ ਦੇਸ਼-ਵਿਦੇਸ਼ ’ਚ ਵਸਦੇ ਸਮੂਹ ਭਾਰਤੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਸਮੇਤ ਅਣਗਿਣਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦੀ ਹਵਾ ’ਚ ਸਾਹ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ’ਚ ਪੰਜਾਬੀਆਂ ਦਾ ਯੋਗਦਾਨ ਤੇ ਕੁਰਬਾਨੀਆਂ ਇਤਿਹਾਸ ’ਚ ਵਿਲੱਖਣ ਸਥਾਨ ਰੱਖਦੀਆਂ ਹਨ। ਉਨਾਂ ਦੱਸਿਆ ਕਿ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਸਹਾਇਤਾ ਰਾਸ਼ੀ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਇਸ ਯੋਜਨਾ ’ਚ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਦੇਸ਼ ਤੇ ਸੂਬੇ ਦੀ ਸੁਰੱਖਿਆ ਦੌਰਾਨ ਜਾਨ ਗਵਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਵੀ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ। ਬਾਗਬਾਨੀ ਖੇਤਰ ਦਾ ਜ਼ਿਕਰ ਕਰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਤੇ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਜਾਪਾਨ ਦੀ ਏਜੰਸੀ ਜਾਇਕਾ ਦੇ ਸਹਿਯੋਗ ਨਾਲ ਕਰੀਬ 1300 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਮੌਸਮੀ ਤਬਦੀਲੀ ਦੇ ਅਨੁਕੂਲ ਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਬਾਗਬਾਨੀ ਹੇਠ ਰਕਬਾ ਵਧ ਕੇ 5.21 ਲੱਖ ਹੈਕਟੇਅਰ ਹੋ ਗਿਆ ਹੈ। ਇਸ ਦੇ ਨਾਲ ਹੀ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਾਲ 2022 ’ਚ ਜਿੱਥੇ ਕਰੀਬ 26.5 ਫੀਸਦੀ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਉੱਥੇ ਹੁਣ ਇਹ ਅੰਕੜਾ ਲਗਭਗ 80 ਫੀਸਦੀ ਤੱਕ ਪਹੁੰਚ ਗਿਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਬਜਟ ’ਚ 100 ਕਰੋੜ ਰੁਪਏ ਰੱਖੇ ਗਏ ਹਨ। ਡੇਰਾ ਸੱਚਖੰਡ ਬੱਲਾਂ ਵਿਖੇ 10 ਏਕੜ ਤੋਂ ਵੱਧ ਰਕਬੇ ’ਚ ਕਰੀਬ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਚਾਰ ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦਾ ਬਜਟ 2026-27 ਲਈ ਵਧਾ ਕੇ 1,170 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਤਹਿਤ ਸਿੱਖਿਆ, ਸਿਹਤ, ਖੇਡਾਂ, ਪੀਣ ਵਾਲਾ ਪਾਣੀ, ਸਫ਼ਾਈ ਤੇ ਪੇਂਡੂ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਔਰਤਾਂ ਦੀ ਆਰਥਿਕ ਮਜ਼ਬੂਤੀ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 74 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋਣ ਤੇ 65 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 2,274 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮਿਲਣ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਜਲੰਧਰ ’ਚ ਵੀ ਪੰਜ ਲੱਖ ਤੋਂ ਵੱਧ ਔਰਤਾਂ ਇਸ ਯੋਜਨਾ ਨਾਲ ਜੁੜ ਚੁੱਕੀਆਂ ਹਨ। ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ 900 ਤੋਂ ਵੱਧ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ’ਚ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਗਿਣਤੀ ’ਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੀ ਵੱਡੀ ਗਿਣਤੀ ’ਚ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਰੁਜ਼ਗਾਰ ਤੇ ਸਿੱਖਿਆ ਦੇ ਖੇਤਰ ’ਚ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਅਪ੍ਰੈਲ 2022 ਤੋਂ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲੀ ਸਿੱਖਿਆ ’ਚ ਸੁਧਾਰ ਕੀਤੇ ਜਾ ਰਹੇ ਹਨ। ਸਮਾਗਮ ਦੇ ਅੰਤ ’ਚ ਕੈਬਨਿਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਵਿਅਕਤੀਆਂ ਨੂੰ ਟਰਾਈਸਾਈਕਲ, ਵ੍ਹੀਲਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਏਡੀਜੀਪੀ ਨਾਗੇਸ਼ਵਰ ਰਾਓ, ਡਵੀਜ਼ਨਲ ਕਮਿਸ਼ਨਰ ਰਾਮਵੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਯਾ ਸੂਦ, ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਅਧਿਕਾਰੀ, ਜਨ-ਪ੍ਰਤੀਨਿਧੀ ਤੇ ਹੋਰ ਪਤਵੰਤੇ ਮੌਜੂਦ ਰਹੇ। -------------------------- ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ, ਦੇਸ਼ ਦੀ ਰੱਖਿਆ ਖਾਤਰ ਹੋਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਤੇ ਜ਼ਖ਼ਮੀ ਹੋਏ ਸੈਨਿਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ’ਚ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੈਨਾਨੀ ਪ੍ਰੇਮ ਸਾਗਰ ਤੇ ਦੇਵ ਵਰਤ ਸ਼ਰਮਾ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਆਪ੍ਰੇਸ਼ਨ ਰਕਸ਼ਕ ਦੌਰਾਨ ਜੰਮੂ-ਕਸ਼ਮੀਰ ’ਚ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਗਨਰ ਬੂਟਾ ਸਿੰਘ ਦੀ ਧਰਮ ਪਤਨੀ ਦਲਵਿੰਦਰ ਕੌਰ, ਸਿਪਾਹੀ ਰਾਜਿੰਦਰ ਸਿੰਘ ਦੀ ਧਰਮ ਪਤਨੀ ਕੁਲਵਿੰਦਰ ਕੌਰ, ਸ਼ਹੀਦ ਨਾਇਕ ਆਤਮਾ ਸਿੰਘ ਦੀ ਧਰਮ ਪਤਨੀ ਹਰਪ੍ਰੀਤ ਕੌਰ, ਸ਼ਹੀਦ ਹੈੱਡ ਕਾਂਸਟੇਬਲ ਅਵਤਾਰ ਸਿੰਘ ਦੀ ਧਰਮ ਪਤਨੀ ਕਮਲਜੀਤ ਕੌਰ ਤੇ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਲਾਂਸ ਨਾਇਕ ਜਤਿੰਦਰ ਸੈਣੀ, ਸੈਨਾ ਮੈਡਲ ਦਾ ਸਨਮਾਨ ਕੀਤਾ ਗਿਆ। ------------------------- ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਪੁਲਿਸ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਭੰਗੜੇ ਨੂੰ ਸਰਬਉੱਤਮ ਪੇਸ਼ਕਾਰੀ ਐਲਾਨਿਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਦਿਆਰਥੀਆਂ ਵਲੋਂ ‘ਪੰਜਾਂ ਪਾਣੀਆਂ ਦੀ ਧਰਤੀ ਦੇ ਜਾਏ ਹੋਏ ਹਾਂ’, ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ‘ਦੇਸ਼ ਸੇ ਹੈ ਪਿਆਰ ਤੋਂ ਹਰ ਪਲ ਕਹਿਨਾ ਚਾਹੀਏ’ ਤੇ ਮਾਨਵ ਸਹਿਯੋਗ ਸੀਨੀਅਰ ਸੈਕੰਡਰੀ ਸਕੁਲ ਵੱਲੋਂ ‘ਵੰਦੇ ਮਾਤਰਮ’ ’ਤੇ ਵਿਸ਼ੇਸ਼ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸੇ ਤਰ੍ਹਾਂ ਐੱਸਡੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ‘ਰਾਜਸਥਾਨੀ ਡਾਂਸ’, ਦੋਆਬਾ ਕਾਲਜ ਤੇ ਸੇਠ ਹੁਕਮ ਚੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ 16 ਸਕੂਲਾਂ ਦੇ ਕਰੀਬ 1100 ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਵੀ ਪੇਸ਼ ਕੀਤਾ ਗਿਆ। ਸਮਾਗਮ ਦੀ ਸਮਾਪਤੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਨਾਲ ਹੋਈ। -------------------------------- ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਟ ਪਾਸਟ ਇਸ ਦੌਰਾਨ ਪਰੇਡ ਕਮਾਂਡਰ ਆਤਿਸ਼ ਭਾਟੀਆ ਦੀ ਅਗਵਾਈ ’ਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਮਾਰਚ ਪਾਸਟ ’ਚ ਸ਼ਾਮਲ ਡੀਐੱਸਐੱਸਡੀ ਸੀਨੀਅਰ ਸੈਕੰਡਰੀ ਸਕੂਲ ਦੀ ਟੁਕੜੀ, ਜਿਸ ਦੀ ਅਗਵਾਈ ਪਲਾਟੂਨ ਕਮਾਂਡਰ ਰਜਤ ਯਾਦਵ ਵੱਲੋਂ ਕੀਤੀ ਗਈ, ਨੂੰ ਬੈਸਟ ਟੁਕੜੀ ਐਲਾਨਿਆ ਗਿਆ। ਮਾਰਚ ਪਾਸਟ ’ਚ ਸ਼ਾਮਲ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਇੰਸਪੈਕਟਰ ਅਸ਼ੋਕ ਕੁਮਾਰ, ਜ਼ਿਲ੍ਹਾ ਪੰਜਾਬ ਪੁਲਿਸ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏਐੱਸਆਈ ਸੰਤੋਸ਼ ਕੁਮਾਰ, ਜ਼ਿਲ੍ਹਾ ਪੰਜਾਬ ਪੁਲਿਸ, ਮਹਿਲਾ ਵਿੰਗ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਐੱਸਆਈ ਗੁਰਪ੍ਰੀਤ ਕੌਰ, ਪੀਆਰਟੀਸੀ ਜਹਾਨ ਖੇਲਾਂ ਦੀ ਟੁਕੜੀ ਦੀ ਅਗਵਾਈ ਪਲਾਟੂਨ ਕਮਾਂਡਰ ਏਐੱਸਆਈ ਦਲਜੀਤ ਕੌਰ ਅਤੇ ਪੰਜਾਬ ਹੋਮਗਾਰਡਜ਼ ਦੀ ਟੁਕੜੀ ਦੀ ਅਗਵਾਈ ਐੱਸਆਈ ਕੁਲਦੀਪ ਸਿੰਘ ਵਲੋਂ ਕੀਤੀ ਗਈ। ਇਸੇ ਤਰ੍ਹਾਂ ਸੈਕੰਡ ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੜਕਿਆਂ ਦੀ ਅਗਵਾਈ ਅੰਡਰ ਆਫਿਸਰ ਪਲਾਟੂਨ ਕਮਾਂਡਰ ਪ੍ਰਭਜੋਤ ਸਿੰਘ, ਸੈਕੰਡ ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੜਕੀਆਂ ਦੀ ਅਗਵਾਈ ਅੰਡਰ ਆਫਿਸਰ ਪਲਾਟੂਨ ਕਮਾਂਡਰ ਰੀਆ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਲੜਕਿਆਂ ਦੀ ਅਗਵਾਈ ਪਲਾਟੂਨ ਕਮਾਂਡਰ ਰਿਜੁਲ, ਲਾਇਲਪੁਰ ਖਾਲਸਾ ਸਕੂਲ ਲੜਕੀਆਂ ਦੀ ਅਗਵਾਈ ਪਲਾਟੂਨ ਕਮਾਂਡਰ ਪਾਇਲ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀ ਅਗਵਾਈ ਪਲਾਟੂਨ ਕਮਾਂਡਰ ਕਸ਼ਿਸ਼ ਵਲੋਂ ਕੀਤੀ ਗਈ। ਇਸ ਮੌਕੇ ਸੀ.ਆਰ.ਪੀ.ਐੱਫ. ਵਲੋਂ ਬੈਂਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਬੈਂਡ ਮਾਸਟਰ ਐੱਸ.ਆਈ. ਹੇਮਰਾਜ ਵਲੋਂ ਕੀਤੀ ਗਈ।