- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
500 ਤੋਂ ਵੱਧ ਅਧਿਆਪਕਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

500 ਤੋਂ ਵੱਧ ਅਧਿਆਪਕਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਦੀ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ ਜਲੰਧਰ
ਸੰਵਿਧਾਨ ਦਿਵਸ ਦੀ ਪੂਰਵ ਸੰਧਿਆ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ 'ਸੁਰੱਖਿਅਤ ਬਚਪਨ ਮੁਹਿੰਮ' ਤਹਿਤ 500 ਤੋਂ ਵੱਧ ਅਧਿਆਪਕਾਂ ਲਈ ਜਾਗਰੂਕਤਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਪ੍ਰਿਆ ਸੂਦ ਦੀ ਅਗਵਾਈ ਹੇਠ ਅਤੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਜਲੰਧਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ, ਪੋਕਸੋ ਐਕਟ ਅਤੇ ਬਾਲ ਸੁਰੱਖਿਆ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਸੀ। ਇਸ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 500 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ। ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ, ਕਾਨੂੰਨੀ ਚਾਰਜ ਤੇ ਡਿਜੀਟਲ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਸਮਾਗਮ ਦੀ ਪ੍ਰਧਾਨਗੀ ਅਰਚਨਾ ਬੈਂਸ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਵਿਸ਼ੇਸ਼ ਅਦਾਲਤ ਪੋਕਸੋ) ਵੱਲੋਂ ਕੀਤੀ ਗਈ। ਇਸ ਮੌਕੇ ਰਾਹੁਲ ਕੁਮਾਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਅਤੇ ਪਾਰਸਮੀਤ ਰਿਸ਼ੀ, ਪ੍ਰਿੰਸੀਪਲ ਮੈਜਿਸਟ੍ਰੇਟ, ਜੁਵੇਨਾਈਲ ਜਸਟਿਸ ਬੋਰਡ-ਕਮ-ਵਿਸ਼ੇਸ਼ ਰੇਲਵੇ ਮੈਜਿਸਟ੍ਰੇਟ ਵੀ ਮੌਜੂਦ ਰਹੇ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਨਾਲ ਹੋਣ ਵਾਲੀਆਂ ਦੁਰਵਿਵਹਾਰ ਦੀਆਂ ਘਟਨਾਵਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਰੋਕਣ ਅਤੇ ਰਿਪੋਰਟ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਪਹਿਲੇ ਪ੍ਰਤੀਕਿਰਿਆਕਰਤਾ ਵਜੋਂ ਅਧਿਆਪਕਾਂ ਨੂੰ ਪੋਕਸੋ ਐਕਟ ਤਹਿਤ ਲਾਜ਼ਮੀ ਰਿਪੋਰਟਿੰਗ ਪ੍ਰਬੰਧਾਂ ਦੀ ਪਾਲਣਾ ਕਰਨ ਅਤੇ ਸਕੂਲਾਂ ’ਚ ਸੁਰੱਖਿਅਤ ਤੇ ਸਹਾਇਕ ਮਾਹੌਲ ਸਿਰਜਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਰੋਤ ਵਿਅਕਤੀਆਂ ਤੇ ਅਧਿਕਾਰੀਆਂ ਦੀ ਟੀਮ ਨੇ ਭਾਗ ਲੈਣ ਵਾਲੇ ਅਧਿਆਪਕਾਂ ਲਈ ਮੁੱਖ ਖੇਤਰਾਂ ਵਿੱਚ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤੇ। ਹਰਲੀਨ ਕੌਰ, ਆਸ਼ਾ ਤੇ ਰੇਖਾ ਰਾਣੀ ਨੇ ਪੋਕਸੋ ਐਕਟ ਦੇ ਕਾਨੂੰਨੀ ਉਪਬੰਧਾਂ, ਬਾਲ ਸੁਰੱਖਿਆ ਪ੍ਰਣਾਲੀਆਂ ਅਤੇ ਪੀੜਤ ਮੁਆਵਜ਼ਾ ਸਕੀਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਡਿਜੀਟਲ ਸੁਰੱਖਿਆ ਦੀਆਂ ਵਧਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸਾਈਬਰ ਅਪਰਾਧਾਂ ਅਤੇ ਆਨਲਾਈਨ ਸੁਰੱਖਿਆ ਸਬੰਧੀ ਵੀ ਜਾਗਰੂਕ ਕੀਤਾ ਗਿਆ। ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਸੁਚੇਤ ਰਹਿਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਤੁਰੰਤ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸਮਾਪਤੀ ਇਸ ਸੰਦੇਸ਼ ਨਾਲ ਹੋਈ ਕਿ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਅਧਿਆਪਕਾਂ, ਮਾਪਿਆਂ, ਪੁਲਿਸ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।