ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਿਸ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ - ਬਾਸੀ, ਬੱਲੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਸਾਂਝਾ ਅਧਿਆਪਕ ਮੋਰਚਾ ਤੇ ਅਧਿਆਪਕ ਜੱਥੇਬੰਦੀਆਂ ਦੇ ਜ਼ਿਲ੍ਹਾ ਜਲੰਧਰ ਦੇ ਆਗੂ ਨਵਪ੍ਰੀਤ ਸਿੰਘ ਬੱਲੀ, ਤੀਰਥ ਸਿੰਘ ਬਾਸੀ ਤੇ ਤਰਸੇਮ ਲਾਲ ਦੀ ਅਗਵਾਈ ’ਚ ਪੁੱਡਾ ਗਰਾਊਂਡ, ਜਲੰਧਰ ਵਿਖੇ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ ਤੇ ਗੈਰਵਿਧਾਨਿਕ ਸ਼ਰਤ ਅਧਿਆਪਕਾਂ ਉੱਪਰ ਜਬਰੀ ਥੋਪਣ, ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ’ਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਤੇ ਫਰਵਰੀ ਮਹੀਨੇ ਦੀਆਂ ਤਨਖਾਹਾਂ ਲਈ ਲੁੜੀਂਦੇ ਬਜਟ ਦਾ ਪ੍ਰਬੰਧ ਨਾ ਕਰਨ ਦੇ ਵਿਰੋਧ ’ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ’ਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ’ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ’ਚ ਅਧਿਆਪਕਾਂ ਦੀਆਂ ਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵੱਲੋਂ ਖਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ’ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ।
ਅੱਜ ਦੇ ਇਸ ਪ੍ਰਦਰਸ਼ਨ ’ਚ ਪੰਕਜ ਕੁਮਾਰ, ਸੁਖਚਰਨ ਕੁਮਾਰ, ਸੰਦੀਪ ਕੰਬੋਜ, ਭਾਰਤ ਭੂਸ਼ਨ, ਵਿਜੈ ਕੁਮਾਰ, ਰਿਸ਼ੀ ਕੁਮਾਰ, ਪ੍ਰੇਮ ਖਲਵਾੜਾ, ਕੁਲਵੰਤ ਰੁੜਕਾ, ਰਤਨ ਸਿੰਘ, ਅਮਰਜੀਤ ਸਿੰਘ, ਯੁਵਰਾਜ ਸਿੰਘ ਚਿੱਟੀ, ਸਤੀਸ਼, ਚਰਨਜੀਤ ਸਿੰਘ, ਸੋਨੂੰ ਭਗਤ, ਗੀਤਾ ਚੌਧਰੀ, ਸੋਨੀਆ, ਪੂਜਾ ਖੋਸਲਾ, ਹਰਪ੍ਰੀਤ ਕੌਰ ਅਮਨਦੀਪ ਸਿੱਧੂ, ਰਾਜਵਿੰਦਰ ਕੌਰ, ਸੁਰਿਸ਼ਤਾ, ਮੀਨਾਕਸ਼ੀ ਕਪਿਲਾ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਵੰਦਨਾ ਮੈਡਮ, ਸੋਨੀਆ, ਵੀਨਾ ਕੁਮਾਰੀ, ਮਨਦੀਪ ਕੌਰ, ਸੁਵਿੰਦਰ ਗਿੱਲ, ਮੀਨਾਕਸ਼ੀ ਸਿੱਧੂ ਤੇ ਹੋਰ ਆਗੂ ਹਾਜ਼ਰ ਸਨ।