ਪੰਜਾਬੀ ਜਾਗਰਣ ਕੇਂਦਰ, ਜਲੰਧਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਸਬੀਰ ਸਿੰਘ ਨੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਕੈਫੇ ਮਾਲਕ ਵੱਲੋਂ ਨਹੀਂ ਕੀਤੀ ਗਈ, 'ਤੇ ਸਾਈਬਰ ਕੈਫੇ ਦੀ ਵਰਤੋਂ ਕਰਨ 'ਤੇ ਰੋਕ ਲਾਈ ਹੈ। ਉਨ੍ਹਾਂ ਕਿਹਾ ਕਿ ਮਾਲਕ ਵਰਤੋਂ ਕਰਨ ਵਾਲੇ/ਆਉਣ ਵਾਲੇ ਵਿਅਕਤੀ ਦੀ ਪਛਾਣ ਦਾ ਰਿਕਾਰਡ ਰਜਿਸਟਰ 'ਚ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਸਾਈਬਰ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਂ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ। ਇਸ ਤੋਂ ਇਲਾਵਾ ਵਰਤੋਂ ਕਰਨ ਵਾਲਾ/ਆਉਣ ਵਾਲੇ ਵਿਅਕਤੀ ਦੀ ਸ਼ਨਾਖਤ ਉਸ ਦੇ ਪਛਾਣ ਪੱਤਰ ਜਿਵੇਂ ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ, ਫੋਟੋ ਕ੍ਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਐਕਟੀਵਿਟੀ ਸਰਵਰ ਲਾਗ ਮੁੱਖ ਸਰਵਰ ਵਿਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿਚ ਘੱਟੋ-ਘੱਟ ਛੇ ਮਹੀਨਿਆਂ ਲਈ ਸੁਰੱਖਿਅਤ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਾਈਬਰ ਕੈਫੇ ਵਿਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਸਰਗਰਮੀ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਇਸ ਤੋਂ ਇਲਾਵਾ, ਕਿਸੇ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।