- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹਜ਼ੂਰ ਸਾਹਿਬ ਐਕਟ ’ਚ ਕੀਤੀਆਂ ਤਬਦੀਲੀਆਂ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ – ਇੰਟਰਨੈਸ਼ਨਲ ਸਿੱਖ ਕੌਂਸਲ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ :
ਇੰਟਰਨੈਸ਼ਨਲ ਸਿੱਖ ਕੌਂਸਲ ਦੀ ਅਹਿਮ ਮੀਟਿੰਗ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ, ਨਾਂਦੇੜ ਦੇ ਪ੍ਰਬੰਧ ਨਾਲ ਸੰਬੰਧਤ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੰਟਰਨੈਸ਼ਨਲ ਸਿੱਖ ਕੌਂਸਲ ਦੇ ਆਗੂ ਮਨਦੀਪ ਸਿੰਘ ਮਿੱਠੂ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਗਾਬਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ ਤੇ ਇਸ ਦੇ ਪ੍ਰਬੰਧ, ਮਰਿਆਦਾ ਅਤੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਖ ਧਰਮ ਦੀ ਧਾਰਮਿਕ ਆਜ਼ਾਦੀ ਅਤੇ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ 'ਤੇ ਸਿੱਧਾ ਹਮਲਾ ਹੈ। ਭਾਰਤ ਦਾ ਸੰਵਿਧਾਨ ਹਰ ਧਾਰਮਿਕ ਭਾਈਚਾਰੇ ਨੂੰ ਆਪਣੇ ਧਾਰਮਿਕ ਅਦਾਰਿਆਂ ਦਾ ਪ੍ਰਬੰਧ ਖ਼ੁਦ ਕਰਨ ਦਾ ਅਧਿਕਾਰ ਦਿੰਦਾ ਹੈ। ਜੇਕਰ ਸਰਕਾਰਾਂ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਦਖ਼ਲ ਦੇਣ ਲੱਗ ਪੈਣਗੀਆਂ ਤਾਂ ਇਹ ਨਾ ਸਿਰਫ਼ ਸਿੱਖ ਕੌਮ, ਸਗੋਂ ਦੇਸ਼ ਦੇ ਸੰਵਿਧਾਨਕ ਢਾਂਚੇ ਅਤੇ ਧਾਰਮਿਕ ਆਜ਼ਾਦੀ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਕੋਈ ਵੀ ਨਵਾਂ ਕਾਨੂੰਨ ਲਾਗੂ ਨਾ ਕੀਤਾ ਜਾਵੇ। ਉਹਨਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅੱਜ ਸਮਾਂ ਆਪਸੀ ਮਤਭੇਦਾਂ ਦਾ ਨਹੀਂ, ਸਗੋਂ ਪੰਥਕ ਏਕਤਾ ਦਾ ਹੈ। ਜੇ ਅੱਜ ਸਿੱਖ ਕੌਮ ਆਪਣੇ ਧਾਰਮਿਕ ਅਦਾਰਿਆਂ ਦੀ ਖ਼ੁਦਮੁਖਤਿਆਰੀ ਦੀ ਰੱਖਿਆ ਲਈ ਇੱਕਜੁੱਟ ਨਾ ਹੋਈ ਤਾਂ ਭਵਿੱਖ ਵਿੱਚ ਹੋਰ ਵੀ ਅਜਿਹੀਆਂ ਕੋਸ਼ਿਸ਼ਾਂ ਹੋ ਸਕਦੀਆਂ ਹਨ। ਇਸ ਲਈ ਸਮੂਹ ਸਿੱਖ ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਨੌਜਵਾਨਾਂ ਤੇ ਬੁੱਧੀਜੀਵੀਆਂ ਨੂੰ ਸੰਵਿਧਾਨਕ, ਲੋਕਤੰਤਰੀ ਤੇ ਸ਼ਾਂਤੀਪੂਰਨ ਢੰਗ ਨਾਲ ਇੱਕ ਮੰਚ 'ਤੇ ਆ ਕੇ ਸਿੱਖ ਸੰਸਥਾਵਾਂ ਦੀ ਆਜ਼ਾਦੀ ਤੇ ਮਰਿਆਦਾ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਮੀਟਿੰਗ ’ਚ ਮਨਜੀਤ ਸਿੰਘ ਬਿੱਲਾ, ਮਨਦੀਪ ਸਿੰਘ ਮੌਂਟੂ, ਹਰਪ੍ਰੀਤ ਸਿੰਘ ਹੈਪੀ, ਦਵਿੰਦਰ ਸਿੰਘ ਰੈਕਸੀ, ਗੁਰਪ੍ਰੀਤ ਸਿੰਘ ਭਾਟੀਆ, ਇੰਦਰਜੀਤ ਸਿੰਘ ਨਿਹੰਗ, ਸ਼ੇਰ ਸਿੰਘ ਨਿਹੰਗ ਬੁੱਢਾ ਦਲ, ਗਗਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਮਾਨ ਅਤੇ ਪਰਮਜੀਤ ਸਿੰਘ ਮਿੱਠੂ ਹਾਜ਼ਰ ਸਨ।