ਆਮ ਆਦਮੀ ਕਲੀਨੀਕਾਂ ਲਈ ਐੱਮਓਜ਼ ਦੀ ਇੰਟਰਵਿਊ
ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ
Publish Date: Tue, 24 Mar 2026 10:16 PM (IST)
Updated Date: Tue, 24 Mar 2026 10:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ’ਚ ਫਿਲੌਰ, ਗੁਰਾਇਆਂ, ਕਾਕੜ ਕਲਾਂ ਤੇ ਢੰਡੌਰ ਦੇ ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਹੋਈ। ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ। ਇੰਟਰਵਿਊ ਲਈ ਨਿਰਧਾਰਤ ਤਿੰਨ ਮੈਂਬਰੀ ਕਮੇਟੀ ’ਚ ਸਿਵਲ ਸਰਜਨ ਸਮੇਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਸ਼ਾਮਲ ਸਨ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਦੀ ਆਸਾਮੀਆਂ ਲਈ ਮੈਰਿਟ ਲਿਸਟ ਤਿਆਰ ਕਰਨ ਦੇ ਮੱਦੇਨਜਰ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਟੀਮਾਂ ਵੱਲੋਂ ਕਾਊਂਸਲਿੰਗ ਦੌਰਾਨ ਉਮੀਦਵਾਰਾਂ ਦੇ ਅਸਲ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਤੇ ਕੌਂਸਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੀ।
ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ’ਚ ਸਿਹਤ ਸਹੂਲਤਾਂ ਨੂੰ ਵਧਾਇਆ ਜਾ ਰਿਹਾ ਹੈ ਤੇ ਜ਼ਿਲ੍ਹੇ ’ਚ ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ’ਚ ਮੈਡੀਕਲ ਅਫ਼ਸਰਾਂ ਲਈ ਉਮੀਦਵਾਰਾਂ ਦੀ ਇੰਟਰਵਿਊ ਹਰ ਵੀਰਵਾਰ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਹੋਇਆ ਕਰੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ’ਚ ਮਰੀਜਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਮੁਫਤ ਮਿਲਣਗੀਆਂ, ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਟੀਬੀ ਦੀ ਸਕ੍ਰੀਨਿੰਗ ਦੀ ਸੁਵਿਧਾ, ਡੌਗ ਬਾਈਟ ਕਾਰਨ ਹਲਕਾਅ ਤੋਂ ਬਚਾਅ ਲਈ ਟੀਕਾਕਰਨ, ਗਰਭਵਤੀ ਔਰਤਾਂ ਲਈ ਐਮਪੈਨਲਡ ਸੈਂਟਰ 'ਤੇ ਮੁਫਤ ਸਕੈਨਿੰਗ ਤੇ ਓਪੀਡੀ ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲੱਬਧ ਹੋਵੇਗੀ।