ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸਬੰਧੀ ਭਾਜਪਾ ਆਗੂ ਡੱਲੀ ਨੂੰ ਦਿੱਤਾ ਸੱਦਾ ਪੱਤਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਭਾਜਪਾ ਆਗੂ ਹਰਵਿੰਦਰ ਸਿੰਘ ਡੱਲੀ ਨੂੰ ਦਿੱਤਾ ਸੱਦਾ ਪੱਤਰ
Publish Date: Wed, 21 Oct 2026 06:48 PM (IST)
Updated Date: Wed, 21 Oct 2026 06:51 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ ਭੋਗਪੁਰ : ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ ਨੂੰ ਸਮਰਪਿਤ 25 ਅਕਤੂਬਰ ਨੂੰ ਭੋਗਪੁਰ ਵਿਖੇ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ’ਚ ਸ਼ਾਮਲ ਹੋਣ ਲਈ ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਡੱਲੀ ਨੂੰ ਸੱਦਾ ਪੱਤਰ ਭੇਟ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਟੀਟੂ, ਸਕੱਤਰ ਸੁੱਚਾ ਸਿੰਘ ਅਟਵਾਲ, ਕੈਸ਼ੀਅਰ ਲੱਕੀ ਤੇ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਟੀਟੂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 25 ਅਕਤੂਬਰ ਨੂੰ ਭੋਗਪੁਰ ਦੇ ਸੁਵਿਧਾ ਕੇਂਦਰ ਨੇੜੇ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਤੇ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਉਪਰੰਤ ਸ਼੍ਰੀ ਰਾਮਾਇਣ ਦੇ ਪਾਠ, ਕੀਰਤਨ ਤੇ ਅਤੁੱਟ ਲੰਗਰ ਦਾ ਪ੍ਰਬੰਧ ਹੋਵੇਗਾ। ਸਮਾਗਮਾਂ ਦੀਆਂ ਤਿਆਰੀਆਂ ਲਈ ਕਮੇਟੀ ਦੇ ਸਮੂਹ ਮੈਂਬਰ ਸਰਗਰਮੀ ਨਾਲ ਜੁਟੇ ਹੋਏ ਹਨ। ਬੂਟਾ ਸਿੰਘ ਟੀਟੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚਾਈ, ਇਮਾਨਦਾਰੀ, ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਸਮਾਜ ’ਚ ਏਕਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਭਾਜਪਾ ਆਗੂ ਹਰਵਿੰਦਰ ਸਿੰਘ ਡੱਲੀ ਨੇ ਸੱਦਾ ਪੱਤਰ ਦੇਣ ਲਈ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਟੀਟੂ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ’ਚ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਅਖੀਰ ’ਚ ਕਮੇਟੀ ਦੇ ਪ੍ਰਧਾਨ ਤੇ ਸਮੂਹ ਮੈਂਬਰਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਭੋਗਪੁਰ ਵਿਖੇ ਕਰਵਾਏ ਜਾ ਰਹੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਤੇ ਵਿਸ਼ਾਲ ਸ਼ੋਭਾ ਯਾਤਰਾ ’ਚ ਆਪਣੇ ਪਰਿਵਾਰਾਂ ਸਮੇਤ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤੇ ਸਮਾਗਮ ਦੀ ਸ਼ੋਭਾ ਵਧਾਉਣ।