ਤਾਲਾਬੰਦ ਘਰ ’ਚ ਤਿੰਨ ਵਾਰ ਜਾਣਗੇ ਬੀਐੱਲਓ : ਡੀਸੀ
ਹਰੇਕ ਵੋਟਰ ਲਈ ਬੀਐੱਲਓਜ਼ ਵੱਲੋਂ ਦਿੱਤਾ ਜਾਣ ਵਾਲਾ ਗਣਨਾ ਫਾਰਮ ਭਰਨਾ ਜ਼ਰੂਰੀ : ਜ਼ਿਲ੍ਹਾ ਚੋਣ ਅਫ਼ਸਰ
Publish Date: Wed, 24 Jun 2026 06:51 PM (IST)
Updated Date: Wed, 24 Jun 2026 06:52 PM (IST)

-ਹਰੇਕ ਵੋਟਰ ਲਈ ਬੀਐੱਲਓਜ਼ ਵੱਲੋਂ ਦਿੱਤਾ ਜਾਣ ਵਾਲਾ ਗਣਨਾ ਫਾਰਮ ਭਰਨਾ ਜ਼ਰੂਰੀ -ਕਿਸੇ ਵੀ ਜਾਣਕਾਰੀ ਲਈ ਟੋਲ ਫ਼ਰੀ ਨੰਬਰ ‘1950’ ਤੇ ਕੀਤਾ ਜਾ ਸਕਦਾ ਹੈ ਸੰਪਰਕ ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਜ਼ਿਲ੍ਹਾ ਜਲੰਧਰ ਵਿਚ 25 ਜੂਨ ਤੋਂ ਘਰ-ਘਰ ਸਰਵੇ ਸਬੰਧੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤਹਿਤ ਬੀ.ਐੱਲ.ਓਜ਼ 24 ਜੁਲਾਈ 2026 ਤੱਕ ਗਣਨਾ (ਇਨੂਮੀਰੇਸ਼ਨ) ਫਾਰਮ ਵੰਡਣ ਲਈ ਘਰ-ਘਰ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਪਹਿਲਾਂ ਤੋਂ ਛਪੇ (ਪ੍ਰੀ ਪ੍ਰਿਟਿੰਡ) ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿਚ ਸਾਰੀ ਜਾਣਕਾਰੀ ਭਰਨ ਉਪਰੰਤ ਇੱਕ ਕਾਪੀ ਵੋਟਰ ਵੱਲੋਂ ਦਸਤਖ਼ਤ ਕਰਕੇ ਬੀ.ਐੱਲ.ਓ. ਕੋਲ ਜਮ੍ਹਾ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ.ਐੱਲ.ਓ. ਵੱਲੋਂ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਫਾਰਮ ਨੂੰ ਵੋਟਰ ਖ਼ੁਦ ਜਾਂ ਉਨ੍ਹਾਂ ਦਾ ਕੋਈ ਵੀ ਬਾਲਗ ਪਰਿਵਾਰਕ ਮੈਂਬਰ ਭਰ ਕੇ ਦਸਤਖ਼ਤ ਕਰਕੇ ਬੀ.ਐਲ.ਓ. ਦੇ ਸਪੁਰਦ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਵੋਟਰ ਘਰ ਨਹੀਂ ਮਿਲਦਾ ਜਾਂ ਘਰ ਨੂੰ ਤਾਲਾ ਲੱਗਿਆ ਹੈ ਤਾਂ ਬੀ.ਐਲ.ਓਜ਼ ਉਸ ਦੇ ਘਰ ਘੱਟੋ-ਘੱਟ ਤਿੰਨ ਵਾਰ ਜਾਣਗੇ। ਵਾਲੀਆ ਨੇ ਦੱਸਿਆ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰ ਵੋਟਰ ਨੂੰ ਬੀ.ਐੱਲ.ਓਜ਼ ਵੱਲੋਂ ਦਿੱਤਾ ਜਾਣ ਵਾਲਾ ਗਣਨਾ ਫਾਰਮ ਭਰਨਾ ਜ਼ਰੂਰੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਸਮੂਹ 9 ਵਿਧਾਨ ਸਭਾ ਹਲਕਿਆਂ ਵਿਚ ਹਰੇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ 2 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5-5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੀ ਲਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ 1926 ਬੀ.ਐੱਲ.ਓਜ਼, 189 ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਨੂੰ ਲੋੜੀਂਦੀ ਟ੍ਰੇਨਿੰਗ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫ਼ਰੀ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ, ਜੋ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬਿਨਾਂ ਕਿਸੇ ਛੁੱਟੀ ਦੇ ਚਾਲੂ ਰਹੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ 1649946 ਵੋਟਰ ਹਨ, ਜਿਨ੍ਹਾਂ ’ਚ 849320 ਪੁਰਸ਼, 800571 ਮਹਿਲਾ, 55 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਪ੍ਰੀ ਐੱਸ.ਆਈ.ਆਰ. ਸਰਗਰਮੀਆਂ ਤਹਿਤ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰ ਸੂਚੀ ਦੇ 82 ਫ਼ੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ।