ਕੀਮਤੀ ਭਗਤ, ਜਲੰਧਰ: ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਇਸ ਵਾਰ ਲੋਹੜੀ ਮਨਾਏਗੀ। ਇਸ ਤੋਂ ਬਾਅਦ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਜਲੰਧਰ ਸ਼ਹਿਰੀ ਦੀ ਪ੍ਰਧਾਨ ਰਾਜਵਿੰਦਰ ਕੌਰ ਤੇ ਦਿਹਾਤੀ ਪ੍ਰਧਾਨ ਪ੍ਰੇਮ ਕੁਮਾਰ ਨੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਲੋਹੜੀ ਦੀ ਸ਼ਾਮ ਕਿਸਾਨਾਂ ਨੂੰ ਸਮਰਪਿਤ ਕਰੇਗੀ। ਪਾਰਟੀ ਦੇ ਵਰਕਰ ਪੰਜਾਬ ਦੇ ਹਰ ਪਿੰਡ, ਮੁਹੱਲਾ ਅਤੇ ਸ਼ਹਿਰ ਵਿੱਚ ਲੋਹੜੀ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੜ੍ਹਾਕੇ ਦੀ ਠੰਡ ਵਿਚ ਦਿੱਲੀ ਬਾਰਡਰ ‘ਤੇ ਬੈਠੇ ਕਿਸਾਨਾਂ ਦੀ ਆਵਾਜ਼ ਮੋਦੀ ਤਾਨਾਸ਼ਾਹ ਤੱਕ ਨਹੀਂ ਪਹੁੰਚੀ। ਮੋਦੀ ਨੂੰ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਦਿਆਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।

ਦੋਵਾਂ ਆਗੂਆਂ ਨੇ ਕਿਹਾ ਕਿ ਜਲੰਧਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨੀ ਅੰਦੋਲਨ ਲਈ ਕਈ ਜਥੇ ਭੇਜੇ ਗਏ ਹਨ। 26 ਜਨਵਰੀ ਨੂੰ, ਜਲੰਧਰ ਤੋਂ ਵੱਡੀ ਗਿਣਤੀ ਵਿਚ ਲੋਕ ਦਿੱਲੀ ਵਿਚ ਇਤਿਹਾਸਕ ਟ੍ਰੈਕਟਰ ਪਰੇਡ ਵਿਚ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੇ ਲੋਕਾਂ ਨੂੰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਇੰਟਰਨੈੱਟ ਮੀਡੀਆ 'ਤੇ ਪਾਉਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਦੱਸਣ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜੀ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਹਿਲੇ ਦਿਨ ਤੋਂ ਹੀ ਕਿਸਾਨ ਜਥੇਬੰਦੀਆਂ ਦਾ ਦ੍ਰਿੜਤਾ ਨਾਲ ਸਮਰਥਨ ਕਰਦੇ ਆ ਰਹੇ ਹਨ ਅਤੇ ਅੰਤ ਤੱਕ ਅਸੀਂ ਕਿਸਾਨਾਂ ਨਾਲ ਨਾਲ ਰਹਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਲੋਹੜੀ ਦਾ ਹਿੱਸਾ ਬਣ ਕੇ ਅਤੇ ਕਾਲੇ ਕਾਨੂੰਨਾਂ ਨੂੰ ਸਾੜ ਕੇ ਆਪਣਾ ਗੁੱਸਾ ਜ਼ਾਹਰ ਕਰਨ।

ਰਾਜਵਿੰਦਰ ਕੌਰ ਅਤੇ ਪ੍ਰੇਮ ਕੁਮਾਰ ਨੇ ਕਿਹਾ ਕਿ ਸਾਲ 2022 ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਸਸਤੀ ਬਿਜਲੀ, ਮੁਫਤ ਸਿਹਤ ਸੇਵਾਵਾਂ ਅਤੇ ਮੁਫਤ ਸਿੱਖਿਆ ਦਿੱਤੀ ਜਾਵੇਗੀ।

Posted By: Tejinder Thind