ਪ੍ਰਸਾਸ਼ਨ ਵੱਲੋਂ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ
ਜਲੰਧਰ ਪ੍ਰਸਾਸ਼ਨ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਦੀਆਂ ਤਿਆਰੀਆਂ
Publish Date: Thu, 08 Jan 2026 07:15 PM (IST)
Updated Date: Fri, 09 Jan 2026 04:09 AM (IST)

- ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ - ਡੀਸੀ ਨੇ ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ’ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਧਾਰਮਿਕ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਤੇ ਸਟੀਫਨ ਕਲੇਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 1 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ’ਤੇ 31 ਜਨਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਚਾਰੂ ਢੰਗ ਨਾਲ ਇੰਤਜ਼ਾਮ ਯਕੀਨੀ ਬਣਾਏ ਜਾਣਗੇ। ਉਨ੍ਹਾਂ ਸਮਾਗਮਾਂ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਨਿੱਜੀ ਤੌਰ ’ਤੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਾ. ਅਗਰਵਾਲ ਨੇ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਮਹਿਲਾ ਪੁਲਿਸ ਮੁਲਾਜ਼ਮਾਂ ਸਮੇਤ ਲੋੜੀਂਦੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਟ੍ਰੈਫਿਕ ਦੇ ਬਦਲਵੇਂ ਰੂਟ, ਵਾਹਨਾਂ ਦੀ ਢੁੱਕਵੀਂ ਪਾਰਕਿੰਗ ਵੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਆਵਾਜਾਈ ਦੇ ਰੂਟਾਂ ਸਬੰਧੀ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕਰ ਕੇ ਇਸ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਡਾ. ਅਗਰਵਾਲ ਨੇ ਨਗਰ ਨਿਗਮ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ਼-ਸਫ਼ਾਈ, ਚੌਕਾਂ ਦੀ ਸਜਾਵਟ, ਮੋਬਾਇਲ ਟਾਇਲੈਟਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ, ਫਾਇਰ ਟੈਂਡਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸੇ ਤਰ੍ਹਾਂ ਸਿਹਤ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਦਵਾਈਆਂ ਤੇ ਐਂਬੂਲੈਂਸਾਂ ਸਮੇਤ ਮੈਡੀਕਲ ਟੀਮਾਂ ਦੀ ਤਾਇਨਾਤੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਮਾਗਮਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਪ੍ਰਕਾਸ਼ ਉਤਸਵ ਸਮਾਗਮਾਂ ਦੇ ਮੱਦੇਨਜ਼ਰ ਦਿਹਾਤੀ ਪੁਲਿਸ ਵੱਲੋਂ ਢੁੱਕਵੀਂ ਪਾਰਕਿੰਗ, ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ। ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਡੀਸੀਪੀ ਮਨਪ੍ਰੀਤ ਸਿੰਘ, ਐੱਸਡੀਐੱਮ ਰਣਦੀਪ ਸਿੰਘ ਹੀਰ ਤੇ ਐੱਸਡੀਐੱਮ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ (ਯੂਟੀ) ਮੁਕਿਲਨ ਆਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਟੀਫਨ ਕਲੇਰ ਸਮੇਤ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਹੁਦੇਦਾਰ ਤੇ ਨੁਮਾਇੰਦੇ ਮੌਜੂਦ ਸਨ।