ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ

ਨੌਜਵਾਨਾਂ ਨੂੰ ਉਸਾਰੂ ਸਰਗਰਮੀਆਂ ਨਾਲ ਜੋੜਨ ਲਈ ਵਿਰਸਾ ਵਿਹਾਰ ’ਚ ਡਾਂਸ ਕਲਾਸਾਂ ਸ਼ੁਰੂ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸਥਾਨਕ ਵਿਰਸਾ ਵਿਹਾਰ ਵਿਖੇ ਸੰਗੀਤ ਤੇ ਡਾਂਸ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਦਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਉਦਘਾਟਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸੰਗੀਤਸ਼ਾਲਾ ਤੇ ਨਾਟਸ਼ਾਲਾ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ’ਚ ਕੋਈ ਨਾ ਕੋਈ ਪ੍ਰਤਿਭਾ ਜ਼ਰੂਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚਲੀ ਪ੍ਰਤਿਭਾ ਨੂੰ ਨਿਖਾਰਨ ਤੇ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾਤਮਕ ਖੇਤਰਾਂ ’ਚ ਅੱਗੇ ਵਧਣ ਲਈ ਉਤਸ਼ਾਹਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂਟੀ) ਮੁਕਿਲਨ ਆਰ ਵੀ ਮੌਜੂਦ ਸਨ।
ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਪ੍ਰਸ਼ਾਸਨ ਜ਼ਿਲ੍ਹੇ ਦੇ ਨੌਜਵਾਨਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ’ਚ ਮਦਦ ਲਈ ਜਿਥੇ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਉਥੇ ਚੇਤਨਾ ਪ੍ਰਾਜੈਕਟ ਤਹਿਤ ਲਾਈਫ਼ ਸੇਵਿੰਗ ਸਕਿੱਲ ਤੇ ਸਵੈ ਰੱਖਿਆ ਸਬੰਧੀ ਸਿਖ਼ਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਤ ਕਰਨ ਲਈ ਜਲੰਧਰ ਪ੍ਰੀਮੀਅਰ ਲੀਗ ਤਹਿਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਹਨ। ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ 6 ਪਬਲਿਕ ਲਾਇਬ੍ਰੇਰੀਆਂ ਤਿਆਰ ਕੀਤੀਆਂ ਗਈਆਂ ਹਨ।
ਡੀਸੀ ਨੇ ਕਿਹਾ ਕਿ ਜਲੰਧਰ ਕਲਾ ਤੇ ਸੱਭਿਆਚਾਰ ਦਾ ਕੇਂਦਰ ਰਿਹਾ ਹੈ ਤੇ ਇਸ ਨੂੰ ਹੋਰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਸੰਗੀਤ ਤੇ ਡਾਂਸ ਕਲਾਸਾਂ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲਾਸਾਂ ਲਈ ਬਾਕਾਇਦਾ ਤਜਰਬੇਕਾਰ ਤੇ ਮਾਹਰ ਇੰਸਟਰਕਟਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਿਖਿਆਰਥੀਆਂ ਨੂੰ ਉੱਚ ਮਿਆਰੀ ਸਿਖ਼ਲਾਈ ਪ੍ਰਦਾਨ ਕੀਤੀ ਸਕੇ। ਕਲਾਸਾਂ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਅਤੇ ਸ਼ਾਮ 5 ਤੋਂ 8 ਵਜੇ ਤੱਕ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਭਾਰਤੀ ਸ਼ਾਸਤਰੀ ਸੰਗੀਤ, ਲੋਕ ਸੰਗੀਤ, ਗਿੱਧਾ, ਭੰਗੜਾ ਆਦਿ ਦੀ ਸਿਖ਼ਲਾਈ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਵਿਰਸਾ ਵਿਹਾਰ ਦੀ ਕਾਰਜਕਾਰੀ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ, ਵਾਈਸ ਪ੍ਰੈਜ਼ੀਡੈਂਟ ਸੰਗਤ ਰਾਮ ਤੋਂ ਇਲਾਵਾ ਰਮੇਸ਼ ਮੋਦਗਿੱਲ, ਡਾ. ਮੋਹਨ ਮਹਿਮੀ, ਜਸਵਿੰਦਰ ਸਿੰਘ ਕੋਹਲੀ, ਮਨਜੀਤ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।