- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Jalandhar Bandh : ਜਥੇਬੰਦੀ ਦੇ ਆਗੂ ਰਾਜੀਵ ਗੋਰਾ ਨੇ ਘਟਨਾ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤੀਮਾ ਨਾਲ ਇਸ ਤਰ੍ਹਾਂ ਦੀ ਛੇੜਛਾੜ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ 'ਚ ਇਸੇ ਥਾਂ 'ਤੇ ਪਹਿਲਾਂ ਵੀ ਮੂਰਤੀ ਦੇ ਸ਼ੀਸ਼ੇ ਤੋੜੇ ਗਏ ਸਨ। ਉਸ ਸਮੇਂ ਵੀ ਭਾਈਚਾਰੇ ਵੱਲੋਂ ਪ੍ਰਤੀਮਾ ਦੇ ਆਸ-ਪਾਸ ਸੀਸੀਟੀਵੀ ਕੈਮਰੇ ਲਗਾਉਣ ਅਤੇ ਠੋਸ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਸੀ, ਪਰ ਪ੍ਰਸ਼ਾਸਨ ਵੱਲੋਂ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ।

ਤੇਜਿੰਦਰ ਕੌਰ ਥਿੰਦ, ਜਲੰਧਰ : ਲੁਧਿਆਣਾ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਪੰਜਾਬ 'ਚ ਤਣਾਅ ਅਤੇ ਭਾਰੀ ਗੁੱਸੇ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੇ ਵਿਰੋਧ 'ਚ ਦਲਿਤ ਭਾਈਚਾਰੇ ਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ 'ਚ ਜ਼ਬਰਦਸਤ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨਾਂ ਦੇ ਨਾਲ-ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲੰਧਰ ਸ਼ਹਿਰ 'ਚ ਵੀ ਕੱਲ੍ਹ ਮੁਕੰਮਲ 'ਬੰਦ' ਰੱਖਣ ਦਾ ਫੈਸਲਾ ਲਿਆ ਗਿਆ ਹੈ।
ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਦੀ ਅਗਵਾਈ ਹੇਠ ਕੱਲ੍ਹ ਜਲੰਧਰ ਸ਼ਹਿਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਆਮ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇਬੰਦੀਆਂ ਨੇ ਸਾਫ਼ ਕੀਤਾ ਹੈ ਕਿ ਇਸ ਬੰਦ ਦੌਰਾਨ ਸਕੂਲ, ਕਾਲਜ ਅਤੇ ਮੈਡੀਕਲ ਸਟੋਰ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ।
ਜਥੇਬੰਦੀ ਦੇ ਆਗੂ ਰਾਜੀਵ ਗੋਰਾ ਨੇ ਘਟਨਾ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤੀਮਾ ਨਾਲ ਇਸ ਤਰ੍ਹਾਂ ਦੀ ਛੇੜਛਾੜ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੁਧਿਆਣਾ 'ਚ ਇਸੇ ਥਾਂ 'ਤੇ ਪਹਿਲਾਂ ਵੀ ਮੂਰਤੀ ਦੇ ਸ਼ੀਸ਼ੇ ਤੋੜੇ ਗਏ ਸਨ। ਉਸ ਸਮੇਂ ਵੀ ਭਾਈਚਾਰੇ ਵੱਲੋਂ ਪ੍ਰਤੀਮਾ ਦੇ ਆਸ-ਪਾਸ ਸੀਸੀਟੀਵੀ ਕੈਮਰੇ ਲਗਾਉਣ ਅਤੇ ਠੋਸ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਸੀ, ਪਰ ਪ੍ਰਸ਼ਾਸਨ ਵੱਲੋਂ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੇ ਲੋਕਾਂ ਦੇ ਹਿਰਦੇ ਵਲੂੰਧਰ ਦਿੱਤੇ ਹਨ।
ਭੀਮ ਕ੍ਰਾਂਤੀ ਸੇਨਾ ਦੇ ਅਧਿਅਕਸ਼ ਗੌਰਵ ਵਾਲਮੀਕਿ ਨੇ ਵੀ ਘਟਨਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਵਾਰ-ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਮਾਜ ਵਿਚ ਭਾਰੀ ਰੋਸ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਕੁਝ ਰਾਜਨੀਤਿਕ ਪਾਰਟੀਆਂ ਆਪਣੇ ਸਿਆਸੀ ਫਾਇਦੇ ਲਈ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਉਤਸ਼ਾਹ ਦੇ ਸਕਦੀਆਂ ਹਨ। ਆਗੂਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।