ਨਿਰਭੈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕਮਿਸ਼ਨਰੇਟ ਪੁਲਿਸ ਅਲਰਟ
ਪੰਜਾਬ ’ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਜਲੰਧਰ ਕਮਿਸ਼ਨਰੇਟ ਪੁਲਿਸ ਅਲਰਟ
Publish Date: Sat, 13 Dec 2025 09:07 PM (IST)
Updated Date: Sat, 13 Dec 2025 09:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ’ਚ ਹੋਣ ਵਾਲੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2025 ਨੂੰ ਸ਼ਾਂਤੀਪੂਰਕ, ਨਿਰਪੱਖ ਤੇ ਨਿਰਭੈ ਢੰਗ ਨਾਲ ਸੰਪੰਨ ਕਰਵਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਚੋਣ ਪ੍ਰਕਿਰਿਆ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ’ਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਆਈਪੀਐੱਸ ਨੇ ਖੁਦ ਮੈਦਾਨ ’ਚ ਉਤਰ ਕੇ ਵੱਖ-ਵੱਖ ਇਲਾਕਿਆਂ ’ਚ ਤਾਇਨਾਤ ਪੁਲਿਸ ਬਲ ਦੀਆਂ ਡਿਊਟੀਆਂ ਦੀ ਜਾਂਚ ਕੀਤੀ। ਉਨ੍ਹਾਂ ਦੇ ਨਿਰੀਖਣ ਦੌਰਾਨ ਚੋਣੀ ਹਲਕਿਆਂ ਦੇ ਸਾਰੇ ਪੋਲਿੰਗ ਸਟੇਸ਼ਨ ਤੇ ਨਾਕਾਬੰਦੀ ਪੁਆਇੰਟ ਪੁਲਿਸ ਨਿਗਰਾਨੀ ਹੇਠ ਰਹੇ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਾਰੇ ਸੰਵੇਦਨਸ਼ੀਲ ਸਥਾਨਾਂ, ਪੋਲਿੰਗ ਸਟੇਸ਼ਨਾਂ ਤੇ ਨਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਤੇ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਪੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਬਿਨਾਂ ਕਿਸੇ ਡਰ ਦੇ ਵੋਟ ਪਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਚੋਣਾਂ ਦੌਰਾਨ ਉੱਚ ਆਚਰਨ ਮਿਆਰ ਕਾਇਮ ਰੱਖਣ ਤੇ ਸ਼ਾਂਤੀਪੂਰਕ ਮਾਹੌਲ ਯਕੀਨੀ ਬਣਾਉਣ ਪ੍ਰਤੀ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡੀਸੀਪੀ ਨਰੇਸ਼ ਡੋਗਰਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।