ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਹੱਲਾ-ਬੋਲ
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਹੱਲਾ ਬੋਲ
Publish Date: Wed, 07 Jan 2026 06:59 PM (IST)
Updated Date: Wed, 07 Jan 2026 07:02 PM (IST)
-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪੰਜ ਨਸ਼ਾ ਤਸਕਰ ਕੀਤੇ ਕਾਬੂ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਖਿਲਾਫ ਛੇੜੀ ਗਈ ਮੁਹਿਮ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਨੰਬਰ ਦੋ ਦੇ ਐੱਸਐੱਚਓ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਰਘਵੀਰ ਸਿੰਘ ਨੇ ਜਲਵਾਜੂ ਵਿਹਾਰ ਲਾਗੇ ਨਾਕਾਬੰਦੀ ਦੌਰਾਨ ਹਿੰਮਤ ਵਾਸੀ ਕਾਕੀ ਪਿੰਡ ਤੇ ਅਸ਼ਵਨੀ ਵਾਸੀ ਕਿਸ਼ਨਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 13 ਗਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਨੰਬਰ ਦੋ ਦੀ ਦੂਜੀ ਪੁਲਿਸ ਪਾਰਟੀ ਏਐੱਸਆਈ ਸੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਹਰਨਾਮ ਦਾਸਪੁਰਾ ’ਚ ਗਸ਼ਤ ਦੌਰਾਨ ਕੇਸ਼ਵ ਵਾਸੀ ਪ੍ਰੀਤ ਨਗਰ ਸੋਢਲ ਨੂੰ ਕਾਬੂ ਕਰਕੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਨੰਬਰ ਤਿੰਨ ਦੀ ਪੁਲਿਸ ਨੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਏਐੱਸਆਈ ਸੁਖਦੇਵ ਚੰਦ ਵੱਲੋਂ ਮਿਲਾਪ ਚੌਕ ’ਚ ਗਸ਼ਤ ਦੌਰਾਨ ਉਸ ਵੇਲੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਜਦ ਉਹ ਪੁਲਿਸ ਪਾਰਟੀ ਦੇਖ ਕੇ ਮੌਕੇ ਤੋਂ ਖਿਸਕਣ ਲੱਗਾ ਸੀ। ਪੁਲਿਸ ਨੇ ਗੌਰਵ ਉਰਫ ਗੌਰੀ ਵਾਸੀ ਗੁਰੂ ਨਾਨਕ ਪੂਰਾ ਈਸਟ ਨੂੰ ਕਾਬੂ ਕਰ ਕੇ ਉਸ ਕੋਲੋਂ 12.26 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਨੰਬਰ ਅੱਠ ਦੀ ਪੁਲਿਸ ਨੇ ਇੰਸਪੈਕਟਰ ਸਾਹਿਲ ਚੌਧਰੀ ਦੀ ਅਗਵਾਈ ਹੇਠ ਏਐੱਸਆਈ ਰੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਮਾ ਪਿੰਡ ਚੌਕ ’ਚ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਉਹ ਘਬਰਾ ਗਿਆ ਤੇ ਤੇਜ਼ ਕਦਮਾਂ ਨਾਲ ਪਿੱਛੇ ਦੀ ਮੁੜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕਰਨ ਕੁਮਾਰ ਵਾਸੀ ਪਿੰਡ ਬਹਿਰਾਮ ਜ਼ਿਲ੍ਹਾ ਐੱਸਬੀਐੱਸ ਨਗਰ ਜਲੰਧਰ ਦੱਸਿਆ। ਜਦੋਂ ਉਸ ਕੋਲੋਂ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਜਦੋਂ ਏਐੱਸਆਈ ਰੁਪਿੰਦਰ ਸਿੰਘ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਸਾਰੇ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।