
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।

ਤੇਜਿੰਦਰ ਕੌਰ ਥਿੰਦ , ਪੰਜਾਬੀ ਜਾਗਰਣ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ।
1,746 ਨਵੇਂ ਭਰਤੀ ਹੋਏ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵੇਂ ਰੰਗਰੂਟਾਂ ਨੂੰ ਪੰਜਾਬ ਪੁਲਿਸ ਦੇ ਪਰਿਵਾਰ ਦਾ ਅਨਿੱਖੜਵਾਂ ਅੰਗ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਮਰਪਣ, ਪੇਸ਼ੇਵਰਤਾ ਅਤੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, "ਜੇਕਰ ਕੇਂਦਰ ਸਰਕਾਰ ਜਾਂ ਕੋਈ ਹੋਰ ਸੂਬਾ ਸਰਕਾਰ ਆਪਣੇ ਕਿਸੇ ਵੀ ਮੁਲਾਜ਼ਮ ਨੂੰ 36,000 ਰੁਪਏ ਤਨਖਾਹ ਦਿੰਦੀ ਹੈ ਤਾਂ ਪੰਜਾਬ ਸਰਕਾਰ ਆਪਣੇ ਮੁਲਾਜ਼ਮ ਨੂੰ 50,000 ਰੁਪਏ ਤਨਖਾਹ ਦਿੰਦੀ ਹੈ। ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹ ਦਿੰਦੀ ਹੈ, ਜੋ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ।"
ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਸਧਾਰਨ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਦ੍ਰਿੜਤਾ ਅਤੇ ਯੋਗ ਮਾਰਗਦਰਸ਼ਨ ਨਾਲ ਉਹ ਸਭ ਤੋਂ ਚੁਣੌਤੀਪੂਰਨ ਟੀਚਿਆਂ ਨੂੰ ਵੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ, "ਤੁਸੀਂ ਦਿਖਾ ਦਿੱਤਾ ਹੈ ਕਿ ਸਧਾਰਨ ਪਰਿਵਾਰਾਂ ਦੇ ਬੱਚੇ ਲਗਨ, ਸਮਰਪਣ ਅਤੇ ਦ੍ਰਿੜਤਾ ਨਾਲ ਹਰ ਟੀਚਾ ਪ੍ਰਾਪਤ ਕਰ ਸਕਦੇ ਹਨ। ਮੈਨੂੰ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਕਾਇਮ ਕਰਦੇ ਰਹੋਗੇ ਅਤੇ ਪੰਜਾਬ ਦਾ ਨਾਂ ਰੌਸ਼ਨ ਕਰੋਗੇ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਵੱਖਰੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, "ਹਰ ਕੋਈ ਜਾਣਦਾ ਹੈ ਕਿ ਪੰਜਾਬ ਪੁਲਿਸ ਸਿਰਫ਼ ਇੱਕ ਸੂਬੇ ਦੀ ਪੁਲਿਸ ਨਹੀਂ ਹੈ, ਸਗੋਂ ਇਹ ਦੇਸ਼ ਦੀ ਪੁਲਿਸ ਹੈ, ਜੋ ਦੁਸ਼ਮਣ ਗੁਆਂਢੀ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਕਰਦੀ ਹੈ।"
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਆਪਣੀ ਜ਼ਿੰਮੇਵਾਰੀ ਨੂੰ ਹਮੇਸ਼ਾ ਸਮਰਪਣ ਭਾਵਨਾ ਨਾਲ ਨਿਭਾਇਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ ਅਤੇ ਪੰਜਾਬ ਨੂੰ ਇਸ ਕੋਹੜ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਹਮੇਸ਼ਾ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਲਈ ਢਾਲ ਵਜੋਂ ਕੰਮ ਕੀਤਾ ਹੈ। ਹੁਣ ਉਹ ਸਮਾਂ ਆ ਗਿਆ ਹੈ, ਜਦੋਂ ਤੁਹਾਨੂੰ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਾ ਚਾਹੀਦਾ ਹੈ।"
ਉਹਨਾਂ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ ਅਤੇ ਨਵੇਂ ਭਰਤੀ ਹੋਏ ਜਵਾਨ ਆਪਣੇ ਪੂਰਵਜਾਂ ਦੁਆਰਾ ਕਾਇਮ ਕੀਤੇ ਉੱਚ ਆਦਰਸ਼ਾਂ 'ਤੇ ਚੱਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਪਰਾਧੀਆਂ ਦਾ ਮੁਕਾਬਲਾ ਕਰਨ ਲਈ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ 'ਤੇ ਅੱਪਗ੍ਰੇਡ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਵਾਨਾਂ ਨੂੰ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਨਵੇਂ ਅਤੇ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਕਾਡਰ ਦੀਆਂ 1,600 ਨਵੀਂਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ ਤਾਂ ਜੋ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਕਰੀਅਰ ਵਿੱਚ ਅੱਗੇ ਵਧਣ ਦੇ ਮੌਕੇ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲੀ ਵਾਰ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਮੈਰਿਟ ਅਤੇ ਵਾਰੀ ਅਨੁਸਾਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ ਤਾਂ ਜੋ ਸਾਡੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।"
ਸਰਕਾਰ ਦੇ ਸੜਕ-ਸੁਰੱਖਿਆ ਉਪਰਾਲੇ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸੂਬਾਈ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਸੁਰੱਖਿਆ ਵਧਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, "ਹੁਣ ਤੁਸੀਂ ਸਰਕਾਰ ਦਾ ਅਨਿਖੜਵਾਂ ਅੰਗ ਬਣ ਗਏ ਹੋ। ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰੋ ਅਤੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਅਤੇ ਆਪਣੇ ਅਹੁਦੇ ਦੀ ਵਰਤੋਂ ਕਰੋ।"
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।