- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਵਿਚ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ‘ਆਪ’ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਰਜਿੰਦਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਨਸਾ ਵਿਚ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ‘ਆਪ’ ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਰਜਿੰਦਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਗੱਲਬਾਤ ਕਰਦਿਆਂ ਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ ਸੀ ਪਰ ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਪਾਰਟੀ ਨੇ ਬਦਲਾਅ ਲਿਆਉਣ ਦੀ ਬਜਾਏ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਡੋਬਣ ਵਿਚ ਪੂਰਾ ਹੱਥ ਪਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ 40 ਤੋਂ 42 ਐਨਕਾਊਂਟਰ ਹੋ ਚੁੱਕੇ ਹਨ ਅਤੇ ਬੀਤੇ ਦਿਨ ਮਾਨਸਾ ਵਿਚ ਪਰਵਿੰਦਰ ਸਿੰਘ ਝੋਟੇ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਹੈ, ਜਿਸ ਕਾਰਨ ਉਹ ਪਾਰਟੀ ਛੱਡ ਰਹੇ ਹਨ।
ਭੁੱਲਰ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੇ ਬਿਆਨ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੰਤਰੀ ਵੱਲੋਂ ਇਸ ਘਟਨਾ ਨੂੰ ਸਿਰਫ਼ ‘ਆਪਸੀ ਰੰਜਿਸ਼’ ਦੱਸਿਆ ਗਿਆ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਇਹ ਰੰਜਿਸ਼ ਪੈਦਾ ਕਿੱਥੋਂ ਹੋਈ। ਮੈਡੀਕਲ ਸਟੋਰ ਵਾਲਾ ਨਸ਼ਾ ਵੇਚਦਾ ਸੀ ਅਤੇ ਪਰਵਿੰਦਰ ਸਿੰਘ ਝੋਟਾ ਉਸ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਕਾਰਨ ਇਹ ਰੰਜਿਸ਼ ਪੈਦਾ ਹੋਈ।
ਭੁੱਲਰ ਨੇ ਕਿਹਾ ਕਿ ਦਿੱਲੀ ਤੋਂ ਹੁਕਮ ਮਿਲਣ ਤੋਂ ਬਾਅਦ ‘ਆਪ’ ਦੇ ਵਿਧਾਇਕ, ਆਗੂ ਅਤੇ ਵਲੰਟੀਅਰ ਸਵੇਰ ਤੋਂ ਹੀ ਸੋਸ਼ਲ ਮੀਡੀਆ ‘ਤੇ ਵੀਡੀਓਜ਼ ਪਾ ਕੇ ਸ਼ੇਖੀ ਮਾਰ ਰਹੇ ਹਨ ਕਿ ਕਾਤਲਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਤਿੱਖਾ ਸਵਾਲ ਕਰਦਿਆਂ ਪੁੱਛਿਆ ਕਿ ਕੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਤੇ ਵੀਡੀਓਜ਼ ਪਾਉਣ ਨਾਲ ਦੋ ਬੱਚਿਆਂ ਦਾ ਪਿਤਾ ਪਰਵਿੰਦਰ ਸਿੰਘ ਝੋਟਾ ਵਾਪਸ ਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡੇ ਧੀਆਂ-ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਂਦਾ ਹੋਇਆ ਉਹ ਇਨਸਾਨ ਖੁਦ ਇਸ ਦੁਨੀਆ ਤੋਂ ਚਲਾ ਗਿਆ। ਇਨ੍ਹਾਂ ਗੱਲਾਂ ਤੋਂ ਦੁਖੀ ਹੋ ਕੇ ਉਨ੍ਹਾਂ ਆਮ ਆਦਮੀ ਪਾਰਟੀ ਨਾਲ ਆਪਣਾ ਨਾਤਾ ਤੋੜ ਲਿਆ ਹੈ।