- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਦਿਹਾਤ ਪੁਲਿਸ ਨੇ ਵਿਦੇਸ਼ ਤੋਂ ਚਲਾਏ ਜਾ ਰਹੇ ਇੱਕ ਕਥਿਤ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਹ ਹਥਿਆਰ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਹੱਈਆ ਕਰਵਾਇਆ ਗਿਆ ਸੀ।

ਜਾਗਰਣ ਸੰਵਾਦਦਾਤਾ, ਜਲੰਧਰ : ਜਲੰਧਰ ਦਿਹਾਤ ਪੁਲਿਸ ਨੇ ਵਿਦੇਸ਼ ਤੋਂ ਚਲਾਏ ਜਾ ਰਹੇ ਇੱਕ ਕਥਿਤ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਹ ਹਥਿਆਰ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਹੱਈਆ ਕਰਵਾਇਆ ਗਿਆ ਸੀ।
ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਡੀਐੱਸਪੀ ਭਾਰਤ ਮਸੀਹ ਦੀ ਨਿਗਰਾਨੀ ਹੇਠ ਪਿੰਡ ਮੰਡੀ ਵਿੱਚ ਵਿਸ਼ੇਸ਼ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਚੌਕੀ ਅੱਪਰਾ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜਸ਼ਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਮੰਡੀ, ਥਾਣਾ ਫਿਲੌਰ ਦੇ ਘਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ 7.63 ਐੱਮਐੱਮ ਪਿਸਤੌਲ, ਇੱਕ ਮੈਗਜ਼ੀਨ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਹੋਏ।
ਇਸ ਸਬੰਧੀ ਥਾਣਾ ਫਿਲੌਰ ਵਿੱਚ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਹਥਿਆਰ ਲਵਪ੍ਰੀਤ ਸਿੰਘ ਉਰਫ਼ ਲਾਡੀ ਵਾਸੀ ਪਿੰਡ ਭੱਜਲ, ਜ਼ਿਲ੍ਹਾ ਹੁਸ਼ਿਆਰਪੁਰ ਨੇ ਮੁਹੱਈਆ ਕਰਵਾਇਆ ਸੀ, ਜੋ ਇਸ ਵੇਲੇ ਆਰਮੀਨੀਆ ਵਿੱਚ ਰਹਿ ਰਿਹਾ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਲਾਡੀ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਕਈ ਮਾਮਲੇ ਪਹਿਲਾਂ ਤੋਂ ਦਰਜ ਹਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਵੀ ਵਰ੍ਹਾ 2025 ਵਿੱਚ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਤਨਾਮਪੁਰਾ ਵਿੱਚ ਆਰਮਜ਼ ਐਕਟ ਤਹਿਤ ਕੇਸ ਦਰਜ ਹੋ ਚੁੱਕਾ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।