- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਕੋਟ ਹਲਕੇ ਦੇ ਲੋਹੀਆ ਖਾਸ ਨੇੜਲੇ ਪਿੰਡ ਦੋਨੋਵਾਲ ਵਿਚ ਲੋਕ ਮਿਲਣੀ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ।

ਗਿਆਨ ਸੈਦਪੁਰੀ/ਤੇਜਿੰਦਰਪਾਲ ਸੰਧਾ, ਪੰਜਾਬੀ ਜਾਗਰਣ, ਸ਼ਾਹਕੋਟ/ਲੋਹੀਆ ਖਾਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਕੋਟ ਹਲਕੇ ਦੇ ਲੋਹੀਆ ਖਾਸ ਨੇੜਲੇ ਪਿੰਡ ਦੋਨੋਵਾਲ ਵਿਚ ਲੋਕ ਮਿਲਣੀ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਵਿੱਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ 'ਤੇ ਰਾਜ ਕੀਤਾ ਅਤੇ ਜਿਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ। ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤਰੱਕੀ ਦੇ ਰਾਹ 'ਤੇ ਤੁਰ ਪਿਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਰਫ਼ਤਾਰ ਨੂੰ ਆਪਸ ਵਿੱਚ ਰਲ-ਮਿਲ ਕੇ ਤੇਜ਼ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਆਪਸ ਵਿੱਚ ਮਿਲੇ ਹੋਏ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਲਈ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੋ-ਵਾਰੀ ਸੱਤਾ ਭੋਗਣ ਦੀ ਖੇਡ ਖੇਡਦੇ ਹਨ। ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੀ ਸਾਰੀ ਖੇਡ ਵਿਗਾੜ ਦਿੱਤੀ ਹੈ ਅਤੇ ਆਮ ਆਦਮੀ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਹੈ।” ਉਨ੍ਹਾਂ ਕਿਹਾ, “ਅਕਾਲੀਆਂ 'ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਨਸ਼ੇ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਇਹ ਵਪਾਰ ਖ਼ੂਬ ਵਧਿਆ-ਫੁੱਲਿਆ। ਇਨ੍ਹਾਂ ਆਗੂਆਂ ਦੇ ਪਾਪ ਨਾ-ਮੁਆਫ਼ੀਯੋਗ ਹਨ ਅਤੇ ਲੋਕ ਉਨ੍ਹਾਂ ਦੇ ਘਿਨਾਉਣੇ ਜੁਰਮਾਂ ਦੀ ਲੰਬੀ ਦਾਸਤਾਨ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।”
ਕਾਂਗਰਸ ਪਾਰਟੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਪਾਰਟੀ ਆਖ਼ਰੀ ਸਾਹਾਂ 'ਤੇ ਹੈ ਅਤੇ ਬਹੁਤ ਜਲਦ ਖ਼ਤਮ ਹੋ ਜਾਵੇਗੀ ਕਿਉਂਕਿ ਇਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸੱਤਾ ਹਾਸਲ ਕਰਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ ਪਰ ਉਹ ਲੋਕਾਂ ਦਾ ਸਮਰਥਨ ਜੁਟਾਉਣ ਵਿੱਚ ਨਾਕਾਮ ਰਹੇ ਹਨ । ਉਨ੍ਹਾਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਏਜੰਡਾ ਨਹੀਂ ਹੈ, ਸਗੋਂ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਹਾਸਲ ਕਰਨ ਤੋਂ ਬਾਅਦ ਸੂਬੇ ਨੂੰ ਲੁੱਟਣਾ ਹੈ।” ਭਾਜਪਾ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਭਾਜਪਾ ਨੇ ਉਦੋਂ ਪੰਜਾਬ ਵਿੱਚ ਨਸ਼ਿਆਂ ਦੀ ਸ਼ੁਰੂਆਤ ਕੀਤੀ ਸੀ, ਜਦੋਂ ਉਹ ਅਕਾਲੀਆਂ ਨਾਲ ਸੱਤਾ ਵਿੱਚ ਸਨ ਅਤੇ ਹੁਣ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਾਅਵੇ ਕਰ ਰਹੇ ਹਨ। ਕੀ ਪੰਜਾਬ ਉਦੋਂ ਨਸ਼ਾ ਮੁਕਤ ਹੋਵੇਗਾ, ਜਦੋਂ ਕੇਂਦਰੀ ਗ੍ਰਹਿ ਮੰਤਰੀ ਉਨ੍ਹਾਂ ਅਕਾਲੀ ਆਗੂਆਂ ਨਾਲ ਸਟੇਜ ਸਾਂਝੀ ਕਰਨਗੇ, ਜੋ ਚਿੱਟੇ ਦੇ ਸਮਾਨਅਰਥੀ ਬਣ ਚੁੱਕੇ ਹਨ? ਅਕਾਲੀ ਲੀਡਰਸ਼ਿਪ ਦੇ ਦੋਗਲੇਪਣ ਨੂੰ ਬੇਨਕਾਬ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੋਕਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ, ਹਰਿਆਣਾ ਅਤੇ ਹੋਰ ਥਾਵਾਂ ਤੇ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਉਹੀ ਹੁਣ ਭਗਵਾਂ ਪਾਰਟੀ ਨਾਲ ਗਠਜੋੜ ਕਰਨ ਲਈ ਪੱਬਾਂ ਭਾਰ ਹਨ।
ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸੂਬੇ ਦੇ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ਤੇ ਸੋਚ-ਸਮਝ ਕੇ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ 71,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਸੜਕਾਂ ਵਿੱਚ ਸੁਧਾਰ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ, ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬੇ ਵਿੱਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਇਸ ਸਾਲ ਪੰਜਾਬ ਵੱਲੋਂ ਕੌਮੀ ਪੂਲ ਵਿੱਚ ਲਗਪਗ 200 ਲੱਖ ਮੀਟਰਿਕ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ, ਜੋ ਪਹਿਲਾਂ ਦੇ 180 ਲੱਖ ਮੀਟਰਿਕ ਟਨ ਦੇ ਅਨੁਮਾਨਿਤ ਉਤਪਾਦਨ ਦੇ ਮੁਕਾਬਲੇ ਵੱਧ ਹੈ ਅਤੇ ਇਹ ਬਿਹਤਰ ਸਿੰਜਾਈ ਸਹੂਲਤਾਂ ਦੇ ਲਾਭਾਂ ਨੂੰ ਦਰਸਾਉਂਦਾ ਹੈ।
ਅੰਤ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾਵੇਗੀ। ਇਸ ਮੌਕੇ ਉਹਨਾ ਨਵਾਂ ਪਿੰਡ ਦੋਨੇਵਾਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਰਿਟਾ. ਥਾਣੇਦਾਰ ਅਵਤਾਰ ਸਿੰਘ ਵੱਲੋਂ ਮਾਨ ਦਾ ਪਿੰਡ ਪਹੰਚਣ ਅਤੇ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ।