12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਇਫ਼ਟੂ ਵੱਲੋਂ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਬੁਲਾਈ ਗਈ ਮੀਟਿੰਗ ਨੂੰ ਭਰਵਾਂ ਹੁੰਗਾਰਾ ਮਿਲਿਆ।
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : 12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਇਫ਼ਟੂ ਵੱਲੋਂ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦੀ ਬੁਲਾਈ ਗਈ ਮੀਟਿੰਗ ਨੂੰ ਭਰਵਾਂ ਹੁੰਗਾਰਾ ਮਿਲਿਆ। ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ ਸਾਂਝੀ ਮੀਟਿੰਗ ਵਿੱਚ ਹੜਤਾਲ ਨੂੰ ਸਫ਼ਲ ਬਣਾਉਣ ਲਈ ਹਾਜ਼ਰ ਜਥੇਬੰਦੀਆਂ ਨੇ ਪੂਰਾ ਤਾਣ ਲਾਉਣ ਦਾ ਫੈਸਲਾ ਕੀਤਾ ਅਤੇ ਕਿਰਤੀ ਵਰਗ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ 4-5 ਫ਼ਰਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕਰਨ ਦਾ ਸੱਦਾ ਦਿੱਤਾ ਗਿਆ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ।
ਇਸ ਮੌਕੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ) ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਤੇ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰ ਕੇ 4 ਲੇਬਰ ਕੋਡ ਲੈ ਕੇ ਆਈ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਪੱਕੀ ਨੌਕਰੀ ਦੀ ਥਾਂ ‘ਫਿਕਸਡ ਟਰਮ ਇੰਪਲਾਇਮੈਂਟ’ ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ। ਮਜ਼ਦੂਰਾਂ ਉੱਪਰ ਸ਼ਰਤਾਂ ਮੜ੍ਹ ਕੇ ਕਈ ਕਰਮਚਾਰੀਆਂ ਨੂੰ ‘ਮਜ਼ਦੂਰ’ ਮੰਨਣ ਤੋਂ ਇਨਕਾਰ ਕਰ ਦਿੱਤਾ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਮਜ਼ਦੂਰਾਂ ਦੀ ਸੁਰੱਖਿਆ, ਸਹੂਲਤਾਂ, ਮਜ਼ਦੂਰੀ ਅਤੇ ਬੋਨਸ ਪ੍ਰਬੰਧਕਾਂ ਦੀ ਮਰਜ਼ੀ ਉੱਪਰ ਛੱਡ ਦਿੱਤੇ ਜਾਣਗੇ ਅਤੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਸਿਰਫ਼ ਦਰਸ਼ਕ ਬਣਾ ਦਿੱਤਾ ਜਾਵੇਗਾ। ਮਜ਼ਦੂਰ ਮੁਲਾਜ਼ਮ ਆਗੂਆਂ ਨੇ ਆਪਣੇ ਜਮਹੂਰੀ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਮਜ਼ਦੂਰ ਵਿਰੋਧੀ ਇਹਨਾਂ ਲੇਬਰ ਕੋਡਾਂ ਨੂੰ ਰੱਦ ਕਰਵਾਉਣ ਲਈ 12 ਫ਼ਰਵਰੀ ਦੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸ ਮੌਕੇ ਮੀਟਿੰਗ ਵਿੱਚ ਇਫ਼ਟੂ ਦੇ ਸੂਬਾ ਜੁਆਇੰਟ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਆਗੂ ਸੁਖਦੇਵ ਸਿੰਘ ਬਹਿਰਾਮਪੁਰ ਤੇ ਸ੍ਰੀ ਨਾਥ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਾਜ ਕੁਮਾਰ ਪੰਡੋਰੀ ਤੋਂ ਇਲਾਵਾ ਯੂਨੀਅਨ ਦੇ ਯੂਥ ਵਿੰਗ ਆਗੂ ਗੁਰਪ੍ਰੀਤ ਸਿੰਘ ਚੀਦਾ ਅਤੇ ਮੇਜਰ ਸਿੰਘ ਕੋਟ ਟੋਡਰਮੱਲ ਆਦਿ ਹਾਜ਼ਿਰ ਸਨ।