- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਵਾਂ ਆਗੂਆਂ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਅਤੇ ਵਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਪੰਜ ਦਿਨਾਂ ਦੇ ਦੌਰੇ ਦੌਰਾਨ ਅੱਜ ਜਲੰਧਰ ਪਹੁੰਚਣ ’ਤੇ ਜ਼ਿਲ੍ਹਾ ਕਾਂਗਰਸ ਭਵਨ ਵਿਖੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਅਤੇ ਵਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਆਮ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਅਤੇ ਡਰ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ। ਵਪਾਰੀਆਂ ਤੋਂ ਲੈ ਕੇ ਆਮ ਨਾਗਰਿਕਾਂ ਤੱਕ ਵਿੱਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ, ਜਦਕਿ ਸਰਕਾਰ ਹਾਲਾਤ ’ਤੇ ਕਾਬੂ ਪਾਉਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ।
ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ ਹੈ, ਪਰ ਇਸ ਦੇ ਬਾਵਜੂਦ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪ੍ਰਭਾਵਸ਼ਾਲੀ ਕਾਬੂ ਨਜ਼ਰ ਨਹੀਂ ਆ ਰਿਹਾ। ਕਾਂਗਰਸੀ ਆਗੂ ਗੈਂਗਸਟਰਵਾਦ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕਰ ਰਹੇ ਹਨ ਅਤੇ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਾਥ ਦੇਣ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਛੋਟੇ ਦੁਕਾਨਦਾਰਾਂ ਤੱਕ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੈਸੇ ਨਾ ਦੇਣ ’ਤੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਜਾਂਦੀ ਹੈ। ਇਹ ਸਥਿਤੀ ਸਰਕਾਰ ਦੀ ਕਾਨੂੰਨ ਵਿਵਸਥਾ ਕਾਇਮ ਰੱਖਣ ਦੀ ਜ਼ਿੰਮੇਵਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਸਰਕਾਰ ਦੀਆਂ ਤਰਜੀਹਾਂ ਕਿਤੇ ਹੋਰ ਦਿਖਾਈ ਦੇ ਰਹੀਆਂ ਹਨ।
ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚੋਂ ਬਾਹਰ ਕੱਢਣ ਲਈ ਸਿਆਸੀ ਬਦਲਾਅ ਜ਼ਰੂਰੀ ਹੈ। ਕਾਂਗਰਸ ਦਾ ਟੀਚਾ ਪੰਜਾਬ ਵਿੱਚ ਅਜਿਹਾ ਮਾਹੌਲ ਬਹਾਲ ਕਰਨਾ ਹੈ, ਜਿੱਥੇ ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣ, ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦੇ ਜਾਲ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕ ਤੋਂ ਲੈ ਕੇ ਅਦਾਲਤ ਤੱਕ ਉਨ੍ਹਾਂ ਦੀ ਲੜਾਈ ਵਿੱਚ ਨਾਲ ਖੜ੍ਹੀ ਰਹੇਗੀ। ਜ਼ਿਲ੍ਹਾ ਕਾਂਗਰਸ ਭਵਨ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਏਕਤਾ ਅਤੇ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਦੇ ਸੰਕਲਪ ਨੂੰ ਦਰਸਾਇਆ। ਕਾਂਗਰਸੀ ਆਗੂਆਂ ਨੇ ਭਰੋਸਾ ਜਤਾਇਆ ਕਿ ਪਾਰਟੀ ਪੰਜਾਬ ਵਿੱਚ ਲੋਕ ਹਿੱਤ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ ਅਤੇ ਸੂਬੇ ਨੂੰ ਵਿਕਾਸ ਤੇ ਖੁਸ਼ਹਾਲੀ ਦੀ ਰਾਹ ’ਤੇ ਲਿਜਾਣ ਲਈ ਸੰਘਰਸ਼ ਕਰੇਗੀ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਰਾਜਿੰਦਰ ਕੁਮਾਰ ਬੇਰੀ, ਵਿਧਾਇਕ ਹਰਦੇਵ ਸਿੰਘ ਲਾਡੀ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਸੁਰਿੰਦਰ ਚੌਧਰੀ, ਹਲਕਾ ਇੰਚਾਰਜ ਸੁਰਿੰਦਰ ਕੌਰ, ਡਾ. ਨਵਜੋਤ ਸਿੰਘ ਦਹੀਆ, ਕਾਂਗਰਸੀ ਆਗੂ ਰਾਜਿੰਦਰ ਸਿੰਘ, ਕੌਂਸਲਰ ਡਾ. ਜਸਲੀਨ ਸੇਠੀ, ਕੌਂਸਲਰ ਸ਼ੈਰੀ ਚੱਢਾ, ਕੌਂਸਲਰ ਪਵਨ ਕੁਮਾਰ, ਸਾਬਕਾ ਕੌਂਸਲਰ ਪ੍ਰਭ ਦਿਆਲ ਭਗਤ, ਕਾਂਗਰਸੀ ਆਗੂ ਅੰਮ੍ਰਿਤ ਭੋਸਲੇ, ਰਵਿਸ਼ ਰਾਜ ਸ਼ਰਮਾ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਅਨੁਰਾਧਾ ਬੰਗਾ, ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸੰਧਰ, ਰਛਪਾਲ ਜੱਖੂ, ਸੁਰਜੀਤ ਸਿੰਘ, ਸੁਦੇਸ਼ ਭਗਤ, ਸਤਪਾਲ ਮੀਕਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।