17 ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਵਿਦਾਈ
ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ 17 ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਪੂਰਵਕ ਵਿਦਾਈ
Publish Date: Thu, 30 Apr 2026 10:46 PM (IST)
Updated Date: Thu, 30 Apr 2026 10:49 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੁਲਿਸ ਲਾਈਨ ਵਿੱਚ ਵੀਰਵਾਰ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 17 ਸੇਵਾਮੁਕਤ ਪੁਲਿਸ ਅਧਿਕਾਰੀਆਂ ਦੇ ਸਨਮਾਨ ਵਿੱਚ ਵਿਸ਼ੇਸ਼ ਵਿਦਾਈ ਸਮਾਗਮ ਕਰਵਾਇਆ ਗਿਆ। ਇਹ ਅਧਿਕਾਰੀ ਆਪਣੀ ਲੰਬੀ ਸੇਵਾ ਦੌਰਾਨ ਇਮਾਨਦਾਰੀ ਅਤੇ ਸਮਰਪਣ ਨਾਲ ਫਰਜ਼ ਨਿਭਾਉਣ ਤੋਂ ਬਾਅਦ ਸੇਵਾਮੁਕਤ ਹੋਏ ਹਨ। ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਏਡੀਸੀਪੀ ਸੁਖਵਿੰਦਰ ਸਿੰਘ ਅਤੇ ਕਰਨੈਲ ਸਿੰਘ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਆਪਣੇ ਕਾਰਜਕਾਲ ਦੌਰਾਨ ਅਨੁਸ਼ਾਸਨ, ਜ਼ਿੰਮੇਵਾਰੀ ਅਤੇ ਫਰਜ਼ ਨਿਭਾਉਣ ਦੀ ਉੱਚ ਮਿਸਾਲ ਕਾਇਮ ਕੀਤੀ ਹੈ। ਸਮਾਰੋਹ ਦੌਰਾਨ ਹੋਰ ਪੁਲਿਸ ਅਧਿਕਾਰੀਆਂ ਨੇ ਵੀ ਵਿਚਾਰ ਸਾਂਝੇ ਕਰਦੇ ਹੋਏ ਸੇਵਾਮੁਕਤ ਕਰਮਚਾਰੀਆਂ ਦੀ ਸੇਵਾ ਦੀ ਸ਼ਲਾਘਾ ਕੀਤੀ। ਸਨਮਾਨਿਤ ਅਧਿਕਾਰੀਆਂ ਵਿੱਚ 2 ਇੰਸਪੈਕਟਰ, 3 ਸਬ-ਇੰਸਪੈਕਟਰ ਅਤੇ 12 ਸਹਾਇਕ ਸਬ-ਇੰਸਪੈਕਟਰ ਸ਼ਾਮਲ ਸਨ, ਜਿਨ੍ਹਾਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਵੱਖ-ਵੱਖ ਥਾਣਿਆਂ, ਯੂਨਿਟਾਂ ਅਤੇ ਸ਼ਾਖਾਵਾਂ ਵਿੱਚ ਨਿਭਾਉਂਦੇ ਹੋਏ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਨਾਲ ਪੂਰੀਆਂ ਕੀਤੀਆਂ। ਇਸ ਮੌਕੇ ਸੇਵਾਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਰਹੇ। ਪੁਲਿਸ ਵਿਭਾਗ ਵੱਲੋਂ ਉਨ੍ਹਾਂ ਦੇ ਸਹਿਯੋਗ ਤੇ ਯੋਗਦਾਨ ਲਈ ਵੀ ਧੰਨਵਾਦ ਕੀਤਾ ਗਿਆ। ਅੰਤ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਾਰੇ ਸੇਵਾਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦਾ ਭਵਿੱਖ ਸੁਖਮਈ, ਸ਼ਾਂਤਮਈ ਅਤੇ ਖੁਸ਼ਹਾਲ ਰਹੇਗਾ।