- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਬੰਦੀਆਂ ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸ਼ਹਿਰ ਦੀਆਂ ਸਮੁੱਚੀਆਂ ਗਤੀਵਿਧੀਆਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ, ਜਦਕਿ ਕੁੱਝ ਜਥੇਬੰਦੀਆਂ ਦੀ ਬੁੱਧਵਾਰ ਰਾਤ ਹੋਈ ਬੈਠਕ ਅਨੁਸਾਰ ਬੰਦ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਹਾਲਾਂਕਿ, ਆਮ ਜਨਤਾ ਦੀ ਖੱਜਲ-ਖੁਆਰੀ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇਅ ਨੂੰ ਬੰਦ ਤੋਂ ਮੁਕਤ ਰੱਖਿਆ ਗਿਆ ਹੈ।

ਤੇਜਿੰਦਰ ਕੌਰ ਥਿੰਦ, ਜਲੰਧਰ : ਲੁਧਿਆਣਾ ਵਿਖੇ ਮੰਗਲਵਾਰ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਜ਼ਿਲ੍ਹੇ ਦੀਆਂ ਵਾਲਮੀਕਿ ਅਤੇ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਵੀਰਵਾਰ (10 ਸਤੰਬਰ) ਨੂੰ 'ਜਲੰਧਰ ਬੰਦ' ਦਾ ਵੱਡਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਵੱਲੋਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸ਼ਹਿਰ ਦੀਆਂ ਸਮੁੱਚੀਆਂ ਗਤੀਵਿਧੀਆਂ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ, ਜਦਕਿ ਕੁੱਝ ਜਥੇਬੰਦੀਆਂ ਦੀ ਬੁੱਧਵਾਰ ਰਾਤ ਹੋਈ ਬੈਠਕ ਅਨੁਸਾਰ ਬੰਦ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਹਾਲਾਂਕਿ, ਆਮ ਜਨਤਾ ਦੀ ਖੱਜਲ-ਖੁਆਰੀ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇਅ ਨੂੰ ਬੰਦ ਤੋਂ ਮੁਕਤ ਰੱਖਿਆ ਗਿਆ ਹੈ।
ਕੀ-ਕੀ ਰਹੇਗਾ ਬੰਦ?
ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰ, ਸਮੂਹ ਮਾਰਕੀਟਾਂ, ਸ਼ੋਅਰੂਮ, ਸ਼ਾਪਿੰਗ ਮਾਲ, ਬੇਕਰੀਆਂ, ਮਠਿਆਈਆਂ ਦੀਆਂ ਦੁਕਾਨਾਂ ਸਮੇਤ ਸਾਰੇ ਕਾਰੋਬਾਰੀ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਪ੍ਰਦਰਸ਼ਨਕਾਰੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਇਹਨਾਂ ਸੇਵਾਵਾਂ ਨੂੰ ਮਿਲੇਗੀ ਪੂਰੀ ਰਾਹਤ
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਮ ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੇਠ ਲਿਖੀਆਂ ਸੇਵਾਵਾਂ ਨੂੰ ਬੰਦ ਤੋਂ ਪੂਰੀ ਤਰ੍ਹਾਂ ਮੁਕਤ ਰੱਖਣ ਦਾ ਐਲਾਨ ਕੀਤਾ ਹੈ।
ਹਸਪਤਾਲ, ਮੈਡੀਕਲ ਸਟੋਰ (ਕੇਮਿਸਟ ਦੀਆਂ ਦੁਕਾਨਾਂ), ਐਂਬੂਲੈਂਸਾਂ ਅਤੇ ਡਾਕਟਰੀ ਜਾਂਚ ਲਈ ਆਉਣ-ਜਾਣ ਵਾਲੇ ਮਰੀਜ਼।
ਇਹਨਾਂ ਦਿਨਾਂ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਅਦਾਰੇ ਬੰਦ ਨਹੀਂ ਕਰਵਾਏ ਜਾਣਗੇ।
ਵਿਦੇਸ਼ੀ ਉਡਾਣਾਂ ਲਈ ਜਾਣ ਵਾਲੇ ਯਾਤਰੀਆਂ ਅਤੇ ਕਿਸੇ ਦੇ ਭੋਗ/ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਉਣ-ਜਾਣ ਦੀ ਪੂਰੀ ਖੁੱਲ੍ਹ ਹੋਵੇਗੀ।
ਪੁਲਿਸ ਪ੍ਰਸ਼ਾਸਨ ਵੱਲੋਂ ਹਾਈ ਅਲਰਟ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਦੂਜੇ ਪਾਸੇ, ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਵਿਆਪਕ ਪੱਧਰ 'ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮੂਹ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਲਰਟ ਰਹਿਣ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਨਾਕੇਬੰਦੀ ਕੀਤੀ ਗਈ ਹੈ।