- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਐੱਸ ਕਾਨਵੈਂਟ ਹਾਈ ਸਕੂਲ ਵਿਖੇ ਮਨਾਇਆ ਬਾਲ ਦਿਵਸ

ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਐੱਨਐੱਸ ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਨੂੰ ਸਮਰਪਿਤ ‘ਬਾਲ ਦਿਵਸ’ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਚਰਨਜੀਤ ਕੌਰ ਪ੍ਰਿੰਸੀਪਲ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਤੇ ਪੰਡਤ ਨਹਿਰੂ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ’ਚ ਕਵਿਤਾਵਾਂ, ਭਾਸ਼ਨ ਤੇ ਗੀਤ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਬੱਚਿਆਂ ਵਿਚਕਾਰ ਵੱਖ-ਵੱਖ ਖੇਡ ਮੁਕਾਬਲੇ ਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਅਧਿਆਪਕਾਂ ਵੱਲੋਂ ਵੀ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਦਾ ਵਿਦਿਆਰਥੀਆਂ ਵੱਲੋਂ ਖ਼ੂਬ ਆਨੰਦ ਮਾਣਿਆ ਗਿਆ। ਅਖੀਰ ’ਚ ਚਰਨਜੀਤ ਕੌਰ ਪ੍ਰਿੰਸੀਪਲ, ਰੇਨੂੰ ਬਾਲਾ ਐੱਮਡੀ, ਸੁਖਦੇਵ ਪਾਲ ਉੱਪ ਪ੍ਰਧਾਨ ਵੱਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਗਈ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਸਰਗਰਮੀਆਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਜੋਧਬੀਰ ਸਿੰਘ, ਸ਼ਰਨਜੀਤ ਕੌਰ, ਰੇਨੂੰ, ਹਰਜੀਤ ਕੌਰ, ਪਰਵਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਆਦਿ ਵੀ ਹਾਜ਼ਰ ਸਨ।