ਕਿਰਤੀ ਕਿਸਾਨ ਤੇ ਟਰੇਡ ਯੂਨੀਅਨਾਂ ਨੇ ਸਾਂਝੀ ਮੀਟਿੰਗ ਦੌਰਾਨ ਕੀਤੀ ਚਰਚਾ
ਸੰਯੁਕਤ ਕਿਸਾਨ ਮੋਰਚਾ, ਸਾਂਝਾ ਮਜ਼ਦੂਰ ਮੋਰਚਾ, ਟ੍ਰੇਡ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ
Publish Date: Sun, 11 Jan 2026 08:19 PM (IST)
Updated Date: Mon, 12 Jan 2026 04:18 AM (IST)

- ਡੀਸੀ ਦਫ਼ਤਰ ਅੱਗੇ 16 ਜਨਵਰੀ ਦੇ ਧਰਨੇ ’ਚ ਹਜ਼ਾਰਾਂ ਲੋਕ ਹੋਣਗੇ ਸ਼ਾਮਲ : ਆਗੂ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੰਯੁਕਤ ਕਿਸਾਨ ਮੋਰਚਾ, ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ’ਚ ਸ਼ਾਮਲ ਜੱਥੇਬੰਦੀਆਂ, ਟ੍ਰੇਡ ਯੂਨੀਅਨਾਂ, ਔਰਤਾਂ, ਵਿਦਿਆਰਥੀ ਤੇ ਨੌਜਵਾਨ ਆਦਿ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਬੀਕੇਯੂ ਉਗਰਾਹਾਂ ਦੇ ਆਗੂ ਮੋਹਨ ਸਿੰਘ ਬੱਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ, ਟ੍ਰੇਡ ਯੂਨੀਅਨ ਆਗੂ ਤੀਰਥ ਬਾਸੀ ਤੇ ਬੀਕੇਯੂ ਲੱਖੋਵਾਲ ਦੇ ਆਗੂ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ ਤੇ ਹੋਰ ਆਮ ਲੋਕਾਂ ਤੋਂ ਬਿਜਲੀ ਦੀ ਸਹੂਲਤ ਖੋਹ ਕੇ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ 2025 ਵਾਪਸ ਕਰਵਾਉਣ, ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਲਈ ਖ਼ਤਮ ਕੀਤੇ ਮਗਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ ਤੇ ਲੇਬਰ ਕਾਨੂੰਨ ਤੋੜਨ ਖਿਲਾਫ਼ ਦੇਸ਼ ਵਿਆਪੀ ਸੱਦੇ ਤਹਿਤ 16 ਜਨਵਰੀ ਨੂੰ ਡੀਸੀ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਮੁਜ਼ਾਹਰੇ ਦੀ ਰੂਪਰੇਖਾ ਉਲੀਕੀ ਗਈ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ ਦੇ ਧਰਨੇ ਮੁਜ਼ਾਹਰੇ ’ਚ ਹਜ਼ਾਰਾਂ ਕਿਸਾਨ, ਮਜ਼ਦੂਰ, ਮੁਲਾਜ਼ਮ, ਔਰਤਾਂ, ਵਿਦਿਆਰਥੀ, ਨੌਜਵਾਨ ਤੇ ਹੋਰ ਮਿਹਨਤੀ ਲੋਕ ਸ਼ਮੂਲੀਅਤ ਕਰਨਗੇ। ਇਸ ਮੌਕੇ ਬੀਕੇਯੂ (ਏਕਤਾ) ਉਗਰਾਹਾਂ ਦੇ ਪ੍ਰਧਾਨ ਮੋਹਣ ਸਿੰਘ ਬੱਲ, ਪਸਸਫ ਦੇ ਆਗੂ ਤੀਰਥ ਬਾਸੀ, ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਗੁਰਕੰਵਲ ਸਿੰਘ ਗਰਚਾ, ਬੀਕੇਯੂ ਲੱਖੋਵਾਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ, ਪੈਨਸ਼ਨਰ ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਠੁਰੂ ਰਾਮ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਬੀਕੇਯੂ ਡਕੌਂਦਾ ਦੇ ਪ੍ਰਧਾਨ ਸਤਨਾਮ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਸਿੰਘ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਹੰਸ ਰਾਜ ਪੱਬਵਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਕੌਰ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਮੰਗਲਜੀਤ ਪੰਡੋਰੀ, ਇਸਤਰੀ ਜਾਗ੍ਰਿਤੀ ਮੰਚ ਦੇ ਆਗੂ ਨਿਰਮਲਜੀਤ ਕੌਰ, ਕੁੱਲ ਹਿੰਦ ਕਿਸਾਨ ਸਭਾ ਦੇ ਸੰਦੀਪ ਅਰੋੜਾ, ਮਨਰੇਗਾ ਅਧਿਕਾਰ ਅੰਦੋਲਨ ਦੇ ਕੇਵਲ ਸਿੰਘ ਹਜ਼ਾਰਾ, ਸਰਵ ਭਾਰਤ ਨੌਜਵਾਨ ਸਭਾ ਦੇ ਮਨਦੀਪ ਸਿੱਧੂ, ਜਨਰਲ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਿਕੰਦਰ ਸੰਧੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਲੁਕਵੇਂ ਫ਼ਿਰਕੂ ਤੇ ਕਾਰਪੋਰੇਟ ਘਰਾਣਿਆਂ ਪੱਖੀ ਏਜੰਡੇ ਨੂੰ ਅੱਗੇ ਵਧਾਉਂਦੀ ਹੋਈ ਨਿੱਜੀਕਰਨ, ਉਦਾਰੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਇਸ ਦਿਸ਼ਾ ’ਚ ਹੀ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਕੰਪਨੀਆਂ ਹਵਾਲੇ ਕਰਨ ਲਈ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ ਤੇ ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ ਤੇ ਹੋਰ ਲੋਕਾਂ ਦੇ ਘਰਾਂ ’ਚ ਹਨ੍ਹੇਰਾ ਕਰਨ ਲਈ ਬਿਜਲੀ ਸੋਧ ਬਿੱਲ 2025, ਕੁਦਰਤ ਤੇ ਖੇਤੀ ਵਿਰੋਧੀ ਬੀਜ ਬਿੱਲ 2025 ਲੈ ਕੇ ਆਈ ਹੈ। ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਮੁਹੱਈਆ ਕਰਵਾਉਣ ਲਈ ਲੰਬੇ ਸੰਘਰਸ਼ਾਂ ਉਪਰੰਤ ਮਜ਼ਦੂਰ ਜੱਥੇਬੰਦੀਆਂ ਵੱਲੋਂ ਪਾਸ ਕਰਵਾਏ ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਚਾਰ ਕਿਰਤ ਕੋਡਸ ’ਚ ਤਬਦੀਲ ਕੀਤਾ ਗਿਆ ਤੇ ਹੁਣ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵਿਕਸਤ ਭਾਰਤ ਗਾਰੰਟੀ ਰੁਜ਼ਗਾਰ, ਅਵੀਜਿਕਾ ਫਾਰ ਗ੍ਰਾਮੀਣ ਮਿਸ਼ਨ ਪਾਸ ਕੀਤਾ ਗਿਆ ਹੈ। ਇਸ ਕਾਰਨ ਲੋਕਾਂ ਦੇ ਮਨਾਂ ’ਚ ਭਾਰੀ ਗੁੱਸਾ ਤੇ ਰੋਹ ਪਾਇਆ ਜਾ ਰਿਹਾ ਹੈ। ਜੱਥੇਬੰਦੀਆਂ ਦੇ ਆਗੂਆਂ ਨੇ 16 ਜਨਵਰੀ ਨੂੰ ਡੀਸੀ ਦਫ਼ਤਰ ਅੱਗੇ ਧਰਨੇ ਮੁਜ਼ਾਹਰੇ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਦੇ ਮਹਿੰਦਰ ਸਿੰਘ ਬਾਜਵਾ ਆਦਿ ਆਗੂ ਵੀ ਹਾਜ਼ਰ ਸਨ।