ਸਾਂਝਾ ਅਧਿਆਪਕ ਮੋਰਚਾ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਸੌਂਪਿਆ
ਸਾਂਝਾ ਅਧਿਆਪਕ ਮੋਰਚਾ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਸੌਂਪਿਆ
Publish Date: Tue, 14 Apr 2026 07:41 PM (IST)
Updated Date: Tue, 14 Apr 2026 07:45 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਜਲੰਧਰ ਦੇ ਅਧਿਆਪਕਾਂ ਦੇ ਇਕ ਵਫ਼ਦ ਨੇ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਸੁਰਿੰਦਰ ਕੁਮਾਰ ਪੁਆਰੀ ਤੇ ਕਰਨੈਲ ਫਿਲੌਰ ਨੇ ਕੀਤੀ। ਇਸ ਮੌਕੇ ਅਧਿਆਪਕ ਆਗੂਆਂ ਨੇ ਚੰਨੀ ਨਾਲ਼ ਵੱਖ-ਵੱਖ ਮਸਲਿਆਂ ’ਤੇ ਵਿਸਥਾਰ ਨਾਲ ਗੱਲਬਾਤ ਕਰਦੇ ਹੋਏ ਮੰਗ ਕੀਤੀ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜ ਸਭਾ ’ਚ ਸੰਸਦ ਮੈਂਬਰ ਜੋਹਨ ਬਿਰਟਾਸ ਵੱਲੋਂ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਜਲਦੀ ਪਾਸ ਕਰਵਾਉਣ ’ਚ ਸਹਿਯੋਗ ਕੀਤਾ ਜਾਵੇ। ਨਾਲ ਹੀ ਲਾਜ਼ਮੀ ਟੈੱਟ ਦੇ ਵਿਰੋਧ ’ਚ ਅਧਿਆਪਕਾਂ ਦੀ ਨੌਕਰੀ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ। ਇਸ ’ਤੇ ਚਰਨਜੀਤ ਸਿੰਘ ਚੰਨੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਉਹ ਪੂਰਾ ਸਹਿਯੋਗ ਦੇਣਗੇ ਤੇ ਸਬੰਧਤ ਬਿੱਲ ਨੂੰ ਪਾਸ ਕਰਵਾਉਣ ਲਈ ਯਤਨ ਕਰਨਗੇ। ਪੁਰਾਣੀ ਪੈਨਸ਼ਨ ਸਕੀਮ ਬਾਰੇ ਗੱਲ ਕਰਦੇ ਹੋਏ ਚੰਨੀ ਨੇ ਕਿਹਾ ਕਿ ਜਿੱਥੇ ਵੀ ਕਾਂਗਰਸ ਦੀ ਸਰਕਾਰ ਹੈ, ਉੱਥੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾ ਰਹੀ ਹੈ, ਜਿਸ ਦੀ ਉਦਾਹਰਣ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਪੱਤਰ ’ਚ ਵੀ ਇਸ ਮਸਲੇ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਸਰਕਾਰ ਬਣਨ ’ਤੇ ਲਾਗੂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ, ਜਿਨ੍ਹਾਂ ’ਚ ਜਸਪਾਲ ਸੰਧੂ, ਲੇਖ ਰਾਜ, ਬੂਟਾ ਰਾਮ, ਕੁਲਵੰਤ ਸਿੰਘ, ਬਖ਼ਸ਼ੀ ਰਾਮ, ਰਾਜਿੰਦਰ ਕੰਗ, ਹਰੀਸ਼ ਕੁਮਾਰ, ਸੰਦੀਪ ਕੁਮਾਰ, ਰਣਜੀਤ ਸਿੰਘ, ਸਰਬਜੀਤ ਸਿੰਘ, ਕਰਨੈਲ ਮਹਲਾਂ, ਗੁਰਚਰਨ ਸਿੰਘ, ਵਿਸ਼ਾਲ ਸੈਣੀ, ਵਿਕਾਸ ਸੈਣੀ, ਦੀਪਕ ਕੁਮਾਰ, ਜਗਸੀਰ ਸਿੰਘ, ਪ੍ਰੇਮ ਪਾਲ, ਭੋਲਾ ਨਾਥ ਆਦਿ ਸ਼ਾਮਲ ਸਨ।