- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਖਨਪਾਲ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਖੇਡ ਮੈਦਾਨ ਦੀ ਸੌਗਾਤ ਨਾਲ ਬੱਚਿਆਂ ਦੇ ਚਿਹਰਿਆਂ 'ਤੇ ਖੁਸ਼ੀ: ਦੀਪਕ ਬਾਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ: ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੀਪਕ ਬਾਲੀ ਵੱਲੋਂ ਲਖਨਪਾਲ ਵਿਖੇ ਨਵੇਂ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਖੇਡ ਮੈਦਾਨ ਦੀ ਸੌਗਾਤ ਦਿੰਦਿਆਂ ਇਸ ਨੂੰ ਬੱਚਿਆਂ ਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਵੱਲ ਇਕ ਅਹਿਮ ਕਦਮ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਬੱਚੇ ਤੇ ਨੌਜਵਾਨ ਕਿਸੇ ਵੀ ਸਮਾਜ ਦਾ ਭਵਿੱਖ ਹੁੰਦੇ ਹਨ। ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਖੇਡ ਮੈਦਾਨ ਸਿਰਫ਼ ਖੇਡਣ ਦੀ ਜਗ੍ਹਾ ਨਹੀਂ ਹੁੰਦੇ, ਸਗੋਂ ਇਹ ਬੱਚਿਆਂ ’ਚ ਅਨੁਸ਼ਾਸਨ, ਟੀਮ ਵਰਕ, ਮਿਹਨਤ ਤੇ ਆਤਮ-ਵਿਸ਼ਵਾਸ ਵਰਗੇ ਗੁਣ ਵੀ ਪੈਦਾ ਕਰਦੇ ਹਨ।
ਉਨ੍ਹਾਂ ਕਿਹਾ ਕਿ ਲਖਨਪਾਲ ’ਚ ਖੇਡ ਮੈਦਾਨ ਦੀ ਸਹੂਲਤ ਮਿਲਣ ਨਾਲ ਇਲਾਕੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੌਕਾ ਮਿਲੇਗਾ। ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੈਦਾਨ ਰਾਹੀਂ ਹੋਰ ਬੱਚੇ ਵੀ ਖੇਡਾਂ ਨਾਲ ਜੁੜਨਗੇ ਤੇ ਆਪਣੀ ਕਾਬਲੀਅਤ ਨੂੰ ਨਿਖਾਰਨਗੇ। 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਸਹੂਲਤਾਂ ਤੇ ਸਹਾਇਤਾ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਮਿਲ ਸਕੇ। ਦੀਪਕ ਬਾਲੀ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਸਿਰਫ਼ ਸੜਕਾਂ ਤੇ ਇਮਾਰਤਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਬੱਚਿਆਂ ਲਈ ਖੇਡ ਸਹੂਲਤਾਂ, ਪਰਿਵਾਰਾਂ ਦੀ ਭਲਾਈ ਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲਖਨਪਾਲ ਸਮੇਤ ਜਲੰਧਰ ਕੈਂਟ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ।