ਪੰਜਾਬੀ ਜਾਗਰਣ ਕੇਂਦਰ, ਜਲੰਧਰ : ਕਾਲਾ ਸੰਿਘਆ ਡਰੇਨ ਵਿਚ ਦੂਸ਼ਿਤ ਪਾਣੀ ਤੋਂ ਇਲਾਵਾ ਉਦਯੋਗਿਕ ਅਤੇ ਘਰੇਲੂ ਰਹਿੰਦ-ਖੂੰਹਦ ਸੁੱਟਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਵਰਤੀ ਜਾਵੇਗੀ। ਇਹ ਪ੍ਰਗਟਾਵਾ ਵਿਸ਼ਵ ਪ੍ਰਸਿੱਧ ਵਾਤਾਵਰਨ ਪੇ੍ਮੀ ਅਤੇ ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ, ਸੀਵਰੇਜ ਬੋਰਡ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਡਰੇਨ ਦੇ ਨਾਲ ਲੱਗਦੇ ਹਿੱਸਿਆਂ ਦਾ ਦੌਰਾ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਦੂਸ਼ਣ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰੇਨ ਵਿਚ ਪ੍ਰਦੂਸ਼ਿਤ ਪਾਣੀ ਜਾਂ ਰਹਿੰਦ-ਖੂੰਹਦ ਸੁੱਟੀ ਜਾ ਰਹੀ ਸੀ। ਇਸ ਸਬੰਧੀ ਰਿਪੋਰਟ ਤਿਆਰ ਕਰ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਾਸ ਭੇਜੀ ਜਾ ਚੁੱਕੀ ਹੈ ਅਤੇ ਬੋਰਡ ਦੀਆਂ ਹਦਾਇਤਾਂ ਮੁਤਾਬਕ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨ ਵਿੱਚ ਘਰੇਲੂ, ਡੇਅਰੀਆਂ ਅਤੇ ਉਦਯੋਗਿਕ ਰਹਿੰਦ-ਖੂੰਹਦ ਸੁੱਟਣ ਵਾਲੇ ਪੁਆਇੰਟਾਂ ਨੂੰ ਫੌਰੀ ਬੰਦ ਕਰਨ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।

ਬਸਤੀ ਪੀਰਦਾਦ ਵਿਖੇ ਚੱਲ ਰਹੇ 50 ਐੱਮਐੱਲਡੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਂਟ ਅਪਣੀ ਸਮਰੱਥਾ ਮੁਤਾਬਕ ਪੂਰਾ ਕੰਮ ਕਰ ਰਿਹਾ ਹੈ ਅਤੇ 25 ਐੱਮਐੱਲਡੀ ਸਮਰੱਥਾ ਵਾਲਾ ਇਕ ਹੋਰ ਟਰੀਟਮੈਂਟ ਪਲਾਂਟ ਦੀ ਤਜਵੀਜ਼ ਹੈ ਜਿਹੜਾ ਜਲਦ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਲਾਂਟ ਚੱਲਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਨੂੰ ਡਰੇਨ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਵਾਉਂਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਥਾਵਾਂ ਨੂੰ ਪੱਕੇ ਤੌਰ 'ਤੇ ਬੰਦ ਕਰਵਾ ਕੇ ਲੋੜੀਂਦੀ ਕਾਰਵਾਈ ਕਰਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਨੂੰ ਪਾਣੀ ਦੇ ਪ੍ਰਦੂਸ਼ਣ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।