- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੁੜਕਾ ਕਲਾਂ ਦੀ ਦਾਣਾ ਮੰਡੀ ਦਾ ਬਲਵੀਰ ਸਿੰਘ ਕੰਦੋਲਾ ਤੇ ਸੁਰਜੀਤ ਸਿੰਘ ਖਾਲਿਸਤਾਨੀ ਵੱਲੋਂ ਦੌਰਾ

-ਝੋਨੇ ਦੀ ਖਰੀਦ, ਲਿਫਟਿੰਗ ਤੇ ਤੋਲ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਮੰਡੀਆਂ ’ਚ ਇਲੈਕਟ੍ਰਾਨਿਕ ਕੰਡੇ ਲਗਾਉਣ ਦੀ ਕੀਤੀ ਮੰਗ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ :
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਬਲਵੀਰ ਸਿੰਘ ਕੰਦੋਲਾ ਤੇ ਹਲਕਾ ਇੰਚਾਰਜ ਫਿਲੌਰ ਸੁਰਜੀਤ ਸਿੰਘ ਖਾਲਿਸਤਾਨੀ ਵੱਲੋਂ ਪਿੰਡ ਰੁੜਕਾ ਕਲਾਂ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਝੋਨੇ ਦੀ ਖਰੀਦ, ਲਿਫਟਿੰਗ ਤੇ ਤੋਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕਰ ਕੇ ਮੰਡੀ ’ਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਆੜ੍ਹਤਾਂ ’ਤੇ ਜਾ ਕੇ ਝੋਨੇ ਦੀਆਂ ਭਰੀਆਂ ਬੋਰੀਆਂ ਦੇ ਤੋਲ, ਨਮੀ ਦੀ ਜਾਂਚ ਤੇ ਲਿਫਟਿੰਗ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਨਵੇਂ ਤੇ ਪੁਰਾਣੇ ਬਾਰਦਾਨੇ ਸਬੰਧੀ ਵੀ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਇੰਸਪੈਕਟਰ ਨੂੰ ਫੋਨ ਕਰਕੇ ਜਾਣੂ ਕਰਵਾਇਆ। ਉਨ੍ਹਾਂ ਆੜ੍ਹਤੀਆਂ ਨੂੰ ਬੇਨਤੀ ਕੀਤੀ ਕਿ ਖਾਲੀ ਬਾਰਦਾਨੇ ਦੇ ਵਜ਼ਨ ਨੂੰ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਸਹੀ ਢੰਗ ਨਾਲ ਮਾਪਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਡੀਆਂ ’ਚ ਇਲੈਕਟ੍ਰਾਨਿਕ ਕੰਡੇ ਲਗਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਸਰਕਾਰ ਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਖਰੀਦ, ਲਿਫਟਿੰਗ ਤੇ ਤੋਲ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ, ਤਾਂ ਜੋ ਝੋਨਾ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।