
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੁਣ ਤਾਂ ਸਰਕਾਰ ਦੇ ਨੁਮਾਇੰਦੇ ਵੀ ਕਹਿੰਦੇ ਨੇ—ਵਿਕਦਾ ਨਸ਼ਾ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ:
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਅਤੇ ‘ਆਪ’ ਆਗੂਆਂ ਵੱਲੋਂ ਸਟੇਜਾਂ ਅਤੇ ਡਿਬੇਟਾਂ ਦੌਰਾਨ ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੋਸ਼ਨ ਲਾਲ ਰੋਸ਼ੀ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪਿੰਡ ਬੋਪਾਰਾਏ ਤੇ ਇਲਾਕੇ ਵਿੱਚ ਕਥਿਤ ਤੌਰ ’ਤੇ ਸ਼ਰੇਆਮ ਨਸ਼ਾ ਵਿਕਣ ਦੀ ਗੱਲ ਕਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਮਾਮਲੇ ਨੂੰ ਲੈ ਕੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਹੀ ਨਹੀਂ, ਸਗੋਂ ਸਰਕਾਰ ਦੇ ਆਪਣੇ ਨੁਮਾਇੰਦੇ ਵੀ ਇਲਾਕਿਆਂ ਵਿੱਚ ਨਸ਼ਾ ਵਿਕਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ।
ਕਰੀਮਪੁਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਦਾਅਵਿਆਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ, ਕਾਂਗਰਸ ਪਾਰਟੀ ਰੁੜਕਾ ਕਲਾਂ ਦੇ ਬਲਾਕ ਪ੍ਰਧਾਨ ਦਾਰਾ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ, ਆਲ ਇੰਡੀਆ ਅੰਬੇਦਕਰ ਮਹਾ ਸਭਾ ਰਜਿਸਟਰ ਪੰਜਾਬ ਦੇ ਜਨਰਲ ਸਕੱਤਰ ਦੇਸ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਪਲਵਿੰਦਰ ਸਿੰਘ ਦੁਸਾਂਝ, ਵਾਈਸ ਪ੍ਰਧਾਨ ਡਾ. ਕੁਲਦੀਪ ਰਾਏ ਅਤੇ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਸਮੇਤ ਹੋਰ ਆਗੂ ਮੌਜੂਦ ਸਨ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਵੱਲੋਂ ਲਾਏ ਗਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।