ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਪ੍ਰੋ. ਸੰਧੂ ਨੇ ਸੰਭਾਲਿਆ
ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਪ੍ਰੋ. ਰਸ਼ਪਾਲ ਸਿੰਘ ਸੰਧੂ ਨੇ ਸੰਭਾਲਿਆ
Publish Date: Fri, 02 Jan 2026 06:30 PM (IST)
Updated Date: Fri, 02 Jan 2026 06:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਸਿੱਖਿਆ ਦੇ ਖੇਤਰ ਤੇ ਖਾਸ ਤੌਰ ’ਤੇ ਉੱਤਰੀ ਭਾਰਤ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਡਾ. ਰਸ਼ਪਾਲ ਸਿੰਘ ਸੰਧੂ ਦਾ ਜਾਣਿਆ ਪਛਾਣਿਆ ਨਾਂ ਹੈ। ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦਿਆਂ ਉੱਪਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਜਸਪਾਲ ਸਿੰਘ ਵੜੈਚ ਸਕੱਤਰ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ’ਤੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਪ੍ਰਿੰਸੀਪਲ ਬਣਨ ’ਤੇ ਵਧਾਈ ਦਿੱਤੀ। ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਨੇ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਉੱਤਰੀ ਭਾਰਤ ਦੀ ਵੱਡੀ ਸੰਸਥਾ ਹੈ, ਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਰਵਾਇਤੀ ਕੋਰਸਾਂ ਦੇ ਨਾਲ-ਨਾਲ ਨਵੇਂ ਕੋਰਸ ਵੀ ਲਿਆਂਦੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਵਿੱਦਿਆ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁੱਖੀ ਸਾਹਿਬਾਨ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਕਾਰਜਕਾਰੀ ਪ੍ਰਿੰਸੀਪਲ ਬਣਨ ’ਤੇ ਵਧਾਈਆਂ ਦਿੱਤੀਆਂ।