
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਮਸ਼ਾਲ ਰੈਲੀ ਦਾ ਜਲੰਧਰ ’ਚ ਹੋਇਆ ਸ਼ਾਨਦਾਰ ਸਵਾਗਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੀਤਾ ਮਸ਼ਾਲ ਰੈਲੀ ਦਾ ਸਵਾਗਤ
ਕਿਹਾ, 700 ਕਰੋੜ ਰੁਪਏ ਦਾ ਬਜਟ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ’ਤੇ ਹੋਰ ਮਜ਼ਬੂਤ ਕਰੇਗਾ
ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ
ਜਲੰਧਰ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਪਹੁੰਚੀ ਮਸ਼ਾਲ ਰੈਲੀ ਦਾ ਨਿੱਘਾ ਸਵਾਗਤ ਕੀਤਾ ਗਿਆ ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਖਿਡਾਰੀਆਂ ਨੂੰ ਇਸ ਖੇਡ ਮੇਲੇ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਖੇਡ ਅਧਿਕਾਰੀ ਗੁਰਪ੍ਰੀਤ ਸਿੰਘ ਬਾਜਵਾ, ਏਸੀਪੀ ਰਾਜੇਸ਼ ਠਾਕੁਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਮਸ਼ਾਲ ਰੈਲੀ ਦਾ ਸਵਾਗਤ ਕੀਤਾ।
ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਲਈ 700 ਕਰੋੜ ਰੁਪਏ ਦਾ ਬਜਟ ਰੱਖ ਕੇ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਖੇਡ ਬੁਨਿਆਦੀ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੱਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਬਿਹਤਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਸੂਬੇ ਭਰ ਵਿੱਚ ਪਿੰਡ ਪੱਧਰ ’ਤੇ ਖੇਡਾਂ ਨੂੰ ਮਜ਼ਬੂਤ ਕਰਨ ਲਈ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣਾ ਵੱਡੀ ਪਹਿਲਕਦਮੀ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਖੇਡਾਂ ਨੂੰ ਜੋੜਿਆ ਗਿਆ ਹੈ। ਯੁੱਧ ਨਸ਼ਿਆਂ ਵਿਰੁੱਧ ਪਹਿਲਕਦਮੀ ਤਹਿਤ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਰਿਹਾ ਹੈ। ਅਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਪਾਸੇ ਲਗਾਉਣ, ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਤੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਮਦਦਗਾਰ ਸਿੱਧ ਹੁੰਦੀਆਂ ਹਨ।
ਇਸ ਮੌਕੇ ਪ੍ਰਭਾਵਸ਼ਾਲੀ ਐਥਲੈਟਿਕ ਸ਼ੋਅ ਵੀ ਪੇਸ਼ ਕੀਤਾ ਗਿਆ ਜਿਸ ਨਾਲ ਉੱਭਰਦੇ ਖਿਡਾਰੀਆਂ ਵੱਲੋਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਮਸ਼ਾਲ ਦੇ ਸਵਾਗਤ ਵਿੱਚ ਹੋਰ ਉਤਸ਼ਾਹ ਵਧਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜ਼ਨ-4 ਤਹਿਤ 3 ਤੋਂ 15 ਸਤੰਬਰ 2026 ਤੱਕ ਬਲਾਕ ਪੱਧਰ, 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰ ਅਤੇ 10 ਨਵੰਬਰ ਤੋਂ 28 ਨਵੰਬਰ ਤੱਕ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਸ਼ਾਮਲ ਕਰਵਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਲਈ ਪੋਰਟਲ ’ਤੇ ਆਪਣੀ ਪਹਿਚਾਣ ਦੇ ਦਸਤਾਵੇਜ਼ (ਆਧਾਰ ਕਾਰਡ, ਉਮਰ ਸਬੂਤ ਸਰਟੀਫਿਕੇਟ) ਨਾਲ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰ ਹੋਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਐੱਸਡੀਐੱਮ ਸ਼ੁਭੀ ਆਂਗਰਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਏਸ਼ੀਅਨ ਮੈਡਲਿਸਟ ਖਿਡਾਰੀ ਅਜੈਬ ਸਿੰਘ, ਓਲੰਪੀਅਨ ਹਾਕੀ ਖਿਡਾਰੀ ਮੁਖਬੈਨ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕ ਸਹਿਜਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਏਕਮਜੋਤ ਸਿੰਘ ਤੇ ਖੇਡ ਪ੍ਰੇਮੀ ਹਾਜ਼ਰ ਸਨ।