
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨ ਮਜ਼ਦੂਰ ਮੋਰਚਾ ਨੇ ਡੀ.ਸੀ. ਦਫ਼ਤਰ ਵਿਖੇ ਮੰਗ ਦਿੱਤਾ ਪੱਤਰ ਦਿੱਤਾ,

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਲੈ ਕੇ ਪਹਿਲਾਂ ਸਵੇਰੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਬਾਅਦ ’ਚ ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ’ਚ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਨੂੰ ਲੈ ਕੇ ਏ.ਡੀ.ਸੀ ਅਮਨਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਮੰਗ ਪੱਤਰ ’ਚ ਫ਼ਸਲਾਂ ਦੇ ਲਾਹੇਵੰਦ ਭਾਅ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ.ਟੂ ਜਮ੍ਹਾਂ 50% ਫਾਰਮੂਲੇ ਤਹਿਤ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਦੀਆਂ ਫ਼ਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵਾਲੀਆਂ ਨੀਤੀਆਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ’ਤੇ ਲਕੀਰ ਫੇਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੱਕੇ ਰੁਜ਼ਗਾਰ ਅਤੇ ਬਣਦੀਆਂ ਸਹੂਲਤਾਂ ਦੇਣ, ਬਿਜਲੀ-ਪਾਣੀ ਅਤੇ ਸਿੰਚਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਦੀਆਂ ਮੰਗਾਂ ਵੀ ਮੰਗ ਪੱਤਰ ਵਿੱਚ ਰੱਖੀਆਂ ਗਈਆਂ। ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਕੀਤੀਆਂ ਜਾ ਰਹੀਆਂ ਟਰੇਡ ਡੀਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਫ਼ੈਸਲੇ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਸਲਿੰਦਰ ਸਿੰਘ ਜਾਣੀਆ, ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਖ਼ਜ਼ਾਨਚੀ ਜਗਦੀਸ਼ ਪਾਲ ਸਿੰਘ ਚੱਕ ਬਾਹਮਣੀ, ਨਿਰਮਲ ਸਿੰਘ ਢੰਡੋਵਾਲ, ਰਜਿੰਦਰ ਸਿੰਘ ਨੰਗਣੀਆ, ਸ਼ੇਰ ਸਿੰਘ ਰਾਮੇ, ਬਲਰਾਜ ਸਿੰਘ ਚੱਕ ਬਾਹਮਣੀ ਅਤੇ ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਤੁਰੰਤ ਤੇ ਠੋਸ ਕਾਰਵਾਈ ਕਰਵਾਈ ਜਾਵੇ। ਜੇ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।