ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਬਿਹਤਰ ਆਰਥਿਕ ਲਾਭ ਲਈ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 4 ਅਕਤੂਬਰ ਨੂੰ ਮਹਿਤਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜ਼ਰ ਸਿੰਘ ਨੇ ਦੱਸਿਆ ਕਿ ਮੇਲੇ ਦੀ ਪ੍ਰਧਾਨਗੀ ਡੀਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤੀ ਜਾਵੇਗੀ ਤੇ ਡਾਇਰੈਕਟਰ ਖੇਤੀਬਾੜੀ ਡਾ. ਸਵਤੰਤਰ ਕੁਮਾਰ ਐਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਇਸ ਮੌਕੇ ਵੱਖ-ਵੱਖ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ, ਵੱਖ ਵੱਖ ਖੇਤੀ ਸੰਦਾਂ ਦੀ ਵਰਤੋਂ ਸਬੰਧੀ ਪ੍ਰਦਰਸ਼ਨੀ, ਭੂਮੀ ਦੀ ਸਿਹਤ ਵਿਚ ਸੁਧਾਰ ਲਿਆਉਣ, ਜੈਵਿਕ ਖੇਤੀ ਅਤੇ ਪੌਸ਼ਟਿਕ ਤੱਤਾਂ, ਵਾਤਾਵਰਨ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਵੱਧ ਨੂੰ ਰੋਕਣ ਲਈ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਡਾ. ਨਾਜ਼ਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਜਾਂ ਦਾਲਾਂ ਦੀ ਕਾਸ਼ਤ ਲਈ ਪ੍ਰਰੇਰਿਤ ਕੀਤਾ ਜਾਵੇਗਾ ਤਾਂ ਜੋ ਉਹ ਵੱਧ ਤੋਂ ਵੱਧ ਮੁਨਾਫ਼ਾ ਕਮਾ ਸਕਣ ਤੇ ਜ਼ਿਲ੍ਹੇ ਦੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।