
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ ਮੋਰਚਾ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

-ਬੰਦੀ ਸਿੰਘਾਂ ਦੀ ਰਿਹਾਈ ਤੇ ਪੁਲਿਸ ਕਾਰਵਾਈ ਖ਼ਿਲਾਫ਼ ਭਖਿਆ ਰੋਸ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ 15 ਅਗਸਤ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਸੰਗਤ ’ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ’ਚ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਭਾਈ ਪਾਲ ਸਿੰਘ ਫਰਾਂਸ ਤੇ ਸਹਿਯੋਗੀ ਪੰਥਕ, ਕਿਸਾਨੀ ਤੇ ਦਲਿਤ ਜਥੇਬੰਦੀਆਂ ਦੇ ਆਗੂਆਂ ਨੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਸਬੰਧੀ ਸਰਕਾਰ ਦੇ ਅੜੀਅਲ ਰਵੱਈਏ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ’ਤੇ 7 ਜਨਵਰੀ 2023 ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਤੇ ਕਾਨੂੰਨੀ ਹੱਕਾਂ ਦੇ ਮਾਮਲੇ ’ਚ ਸਰਕਾਰ ਵੱਲੋਂ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਆਗੂਆਂ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਦੇ ਲੰਮੇ ਸਮੇਂ ਤੋਂ ਪੂਰੀਆਂ ਕਰ ਚੁੱਕੇ ਹਨ, ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ। ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਦੀ ਹਾਲਤ ਗੰਭੀਰ ਹੈ ਪਰ ਫਿਰ ਵੀ ਆਪਣੀ ਮਾਂ ਨੂੰ ਮਿਲਣ ਲਈ ਉਨ੍ਹਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਉਹ ਸ਼ਾਂਤਮਈ ਤਰੀਕੇ ਨਾਲ ਰਾਜਪਾਲ ਭਵਨ ਵੱਲ ਰੋਸ ਮਾਰਚ ਕਰਦੇ ਜਾ ਰਹੇ ਸਨ, ਜਿਸ ਦੌਰਾਨ ਪੁਲਿਸ ਵੱਲੋਂ ਕੀਤੀ ਕਾਰਵਾਈ ਅਣਮਨੁੱਖੀ ਤੇ ਨਿੰਦਣਯੋਗ ਸੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਵੀ ਜ਼ਖ਼ਮੀ ਹੋਏ। ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਦੇ ਵਿਰੋਧ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਸਕੂਲ, ਕਾਲਜ, ਯੂਨੀਵਰਸਿਟੀਆਂ, ਵਪਾਰਕ ਅਦਾਰੇ, ਬਾਜ਼ਾਰ ਤੇ ਦੁਕਾਨਾਂ ਤੇ ਆਮ ਆਵਾਜਾਈ ਬੰਦ ਰਹੇਗੀ। ਹਾਲਾਂਕਿ, ਮੋਰਚੇ ਨੇ ਹਸਪਤਾਲਾਂ, ਮੈਡੀਕਲ ਸਟੋਰਾਂ, ਫਾਇਰ ਬ੍ਰਿਗੇਡ ਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਛੋਟ ਦੇਣ ਦੀ ਗੱਲ ਕਹੀ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਬੰਦ ਦਾ ਮਕਸਦ ਆਮ ਨਾਗਰਿਕਾਂ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਕਥਿਤ ਸਰਕਾਰੀ ਬੇਇਨਸਾਫ਼ੀ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਨਾ ਹੈ। ਉਨ੍ਹਾਂ ਦਲਿਤ ਸੰਗਠਨਾਂ, ਮੁਲਾਜ਼ਮ ਫੈਡਰੇਸ਼ਨਾਂ, ਕਿਸਾਨ ਜਥੇਬੰਦੀਆਂ ਤੇ ਇਨਸਾਫ਼ਪਸੰਦ ਨਾਗਰਿਕਾਂ ਨੂੰ ਧਰਮ, ਜਾਤ-ਪਾਤ ਤੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਬੰਦ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਤੇ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਰੋਲੀ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਬਾਜਵਾ ਸਮੇਤ ਵੱਖ-ਵੱਖ ਕਿਸਾਨ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।