ਖਹਿਰਾ ਖ਼ਿਲਾਫ਼ ਕੇਸ ਦਰਜ ਹੋਣ ’ਤੇ ਲਾਡੀ ਨੇ ਚੁੱਕੇ ਸਵਾਲ ਖਹਿਰਾ ਖ਼ਿਲਾਫ਼ ਕੇਸ ਦਰਜ ਹੋਣ ’ਤੇ ਲਾਡੀ ਨੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ ਕੀਤੀ ਮੰਗ
Publish Date: Mon, 05 Oct 2026 09:46 PM (IST)
Updated Date: Mon, 05 Oct 2026 09:47 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਦਰਜ ਕੀਤੇ ਗਏ ਕੇਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਾਮਲਾ ਸਿਆਸੀ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਤੇ ਸਰਕਾਰੀ ਸੰਸਥਾਵਾਂ ਦੀ ਨਿਰਪੱਖ ਵਰਤੋਂ ਨੂੰ ਲੈ ਕੇ ਅਹਿਮ ਸਵਾਲ ਖੜ੍ਹੇ ਕਰਦਾ ਹੈ। ਲਾਡੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਤੇ ਲੱਗੇ ਦੋਸ਼ਾਂ ਦੀ ਜਾਂਚ ਕਾਨੂੰਨ, ਸਬੂਤਾਂ ਤੇ ਨਿਰਪੱਖ ਕਾਨੂੰਨੀ ਪ੍ਰਕਿਰਿਆ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ ਪਰ ਅਪਰਾਧਿਕ ਕਾਨੂੰਨ ਦੀ ਵਰਤੋਂ ਸਿਆਸੀ ਮਤਭੇਦਾਂ ਨੂੰ ਦਬਾਉਣ ਜਾਂ ਚੁਣੇ ਹੋਏ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਤੋਂ ਰੋਕਣ ਲਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਆਪ ਦੇ ਅੰਦਰੋਂ ਉੱਠ ਰਹੀਆਂ ਅਸਹਿਮਤੀ ਦੀਆਂ ਆਵਾਜ਼ਾਂ ਵੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਖੜ੍ਹੇ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਲੋਚਨਾ ਦਾ ਜਵਾਬ ਆਪਣੇ ਕੰਮ, ਪਾਰਦਰਸ਼ਤਾ ਤੇ ਜਵਾਬਦੇਹੀ ਨਾਲ ਦੇਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਕਾਰਵਾਈਆਂ ਰਾਹੀਂ ਜਿਨ੍ਹਾਂ ਨਾਲ ਸਿਆਸੀ ਬਦਲਾਖੋਰੀ ਦਾ ਪ੍ਰਭਾਵ ਪੈਦਾ ਹੋਵੇ। ਲਾਡੀ ਨੇ ਮੰਗ ਕੀਤੀ ਕਿ ਖਹਿਰਾ ਖ਼ਿਲਾਫ਼ ਦਰਜ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ ਤੇ ਇਸ ’ਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਪਰ ਕਾਨੂੰਨ ਵੀ ਹਰ ਕਿਸੇ ਲਈ ਬਰਾਬਰ ਹੋਣਾ ਚਾਹੀਦਾ ਹੈ।