ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ’ਚ ਨਤਮਸਤਕ ਹੋਏ ਰਾਜਪਾਲ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ ਸੋਢਲ ਦਰਬਾਰ ’ਚ ਨਤਮਸਤਕ ਹੋਏ ਰਾਜਪਾਲ ਕਟਾਰੀਆ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ
Publish Date: Fri, 25 Sep 2026 07:07 PM (IST)
Updated Date: Sat, 26 Sep 2026 04:03 AM (IST)
* ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ * ਨੌਜਵਾਨਾਂ ਨੂੰ ਨਸ਼ੇ ਛੱਡ ਕੇ ਸਿੱਖਿਆ ਤੇ ਖੇਡਾਂ ਨਾਲ ਜੁੜਨ ਦੀ ਅਪੀਲ ਲਖਬੀਰ, ਪੰਜਾਬੀ ਜਾਗਰਣ ਜਲੰਧਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਮੰਦਰ ’ਚ ਵਿਧੀਵਤ ਪੂਜਾ ਕਰਦਿਆਂ ਬਾਬਾ ਜੀ ਦਾ ਅਸ਼ੀਰਵਾਦ ਲਿਆ ਤੇ ਸੂਬੇ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਤੇ ਅਰਦਾਸ ’ਚ ਸ਼ਾਮਲ ਹੋਏ। ਰਾਜਪਾਲ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਦੇਸ਼-ਵਿਦੇਸ਼ ’ਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਪ੍ਰਮੁੱਖ ਕੇਂਦਰ ਹੈ। ਹਰ ਵਰ੍ਹੇ ਸੋਢਲ ਮੇਲੇ ਦੌਰਾਨ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਇੱਥੇ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ ਵੀ ਕੀਤੀ ਤੇ ਲੋਕਾਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਸਮੇਤ ਮੰਦਰ ਪ੍ਰਬੰਧਕਾਂ ਤੇ ਹੋਰ ਪਤਵੰਤੇ ਵੀ ਮੌਜੂਦ ਸਨ। ਪ੍ਰਬੰਧਕਾਂ ਵੱਲੋਂ ਰਾਜਪਾਲ ਕਟਾਰੀਆ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਰਾਜਪਾਲ ਕਟਾਰੀਆ ਨੇ ਸੋਢਲ ਮੇਲੇ ਦੇ ਪਹਿਲੇ ਦਿਨ ਕਰਵਾਏ ਗਏ ਹਵਨ ’ਚ ਵੀ ਸ਼ਰਧਾ ਨਾਲ ਹਿੱਸਾ ਲਿਆ।