- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਸਬੰਧੀ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕੀਤਾ ਦਾਣਾ ਮੰਡੀ ਫਿਲੌਰ ਦਾ ਦੌਰਾ

ਮੰਡੀ ’ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ, ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ: ਝੋਨੇ ਦੀ ਖਰੀਦ ਅਤੇ ਮੰਡੀ ਵਿੱਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦਾਣਾ ਮੰਡੀ ਫਿਲੌਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਨੇ ਦੱਸਿਆ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਹੋਣ ਤੋਂ ਬਾਅਦ ਕਿਸਾਨਾਂ ਦੀ ਅਦਾਇਗੀ ਵੀ ਜਲਦੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਜਾਂਦੀ ਹੈ। ਯੂਨੀਅਨ ਦੇ ਫਿਲੌਰ ਬਲਾਕ ਪ੍ਰਧਾਨ ਜਸਮੇਰ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਜਾਂ ਆੜ੍ਹਤੀਏ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਜਥੇਬੰਦੀ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਮੱਸਿਆ ਦਾ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਰੋਸ਼ਨ ਲਾਲ ਰੋਸ਼ੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਕੁਮਾਰ ਅਹੂਜਾ ਅਤੇ ਕਿਸਾਨ ਆਗੂ ਲਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ।
ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸਹੋਤਾ, ਸਕੱਤਰ ਲਖਵਿੰਦਰ ਸਿੰਘ ਮੋਤੀਪੁਰ ਖਾਲਸਾ, ਸਰਕਲ ਪ੍ਰਧਾਨ ਗੁਰਾਇਆ ਕੁਲਵੀਰ ਸਿੰਘ ਚੀਮਾ, ਵਾਈਸ ਪ੍ਰਧਾਨ ਕਮਲਜੀਤ ਸਿੰਘ ਤੋਂ ਇਲਾਵਾ ਤੀਰਥ ਸਿੰਘ, ਦਲਜੀਤ ਕੌਰ, ਪ੍ਰਦੀਪ ਬਸੰਦਰਾਏ, ਖਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।