- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਆਬਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਗੁਰਬਾਣੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ :
ਦੋਆਬਾ ਕਾਲਜ ਕੈਂਪਸ ਸਥਿਤ ਦੋਆਬਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ‘ਭਾਰਤੀ ਗਿਆਨ ਪਰੰਪਰਾ ਅਤੇ ਗੁਰਬਾਣੀ’ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਵਿਦਵਾਨ ਡਾ. ਪਰਮਜੀਤ ਸਿੰਘ ਮਾਨਸਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਭਾਰਤੀ ਗਿਆਨ ਪਰੰਪਰਾ ਦੇ ਇਤਿਹਾਸਕ, ਵਿਗਿਆਨਕ, ਦਾਰਸ਼ਨਿਕ ਅਤੇ ਅਧਿਆਤਮਿਕ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਰਤ ਦੀ ਪ੍ਰਾਚੀਨ ਗਿਆਨ ਪਰੰਪਰਾ ਵਿਗਿਆਨ, ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਸਮਾਨਤਾ ਅਤੇ ਅਧਿਆਤਮਿਕ ਚੇਤਨਾ ਦਾ ਵਿਲੱਖਣ ਸੁਮੇਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਰਕਸ਼ੀਲ, ਸਮਾਨਤਾਵਾਦੀ ਤੇ ਮਾਨਵਤਾਵਾਦੀ ਵਿਚਾਰਧਾਰਾ ਦੇ ਨਾਲ-ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਨਵਤਾ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਵੀ ਯਾਦ ਕੀਤਾ। ਗੁਰਪ੍ਰੀਤ ਸਿੰਘ ਨੇ ਪ੍ਰਾਚੀਨ ਭਾਰਤੀ ਸਿੱਖਿਆ ਪ੍ਰਣਾਲੀ, ਵੇਦਾਂ ਦੇ ਗਿਆਨ ਅਤੇ ਧਰਮ ਤੇ ਵਿਰਾਸਤ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਸੇਵਾਮੁਕਤ ਸਰਕਾਰੀ ਸਕੂਲ ਪ੍ਰਿੰਸੀਪਲ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦੀ ਆਦਤ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਪਤੰਜਲੀ ਦੇ ਇੰਚਾਰਜ ਰਾਜਿੰਦਰ ਸ਼੍ਰਿੰਗਾਰੀ ਨੇ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਯੋਗ ਅਭਿਆਸ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੋਗ ਰਾਹੀਂ ਇਕਾਗਰਤਾ, ਮਾਨਸਿਕ ਸ਼ਾਂਤੀ ਅਤੇ ਤਣਾਅ ਪ੍ਰਬੰਧਨ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਧਨ ਕਮਾਉਣਾ ਨਹੀਂ, ਸਗੋਂ ਚੰਗੇ ਚਰਿੱਤਰ, ਇਮਾਨਦਾਰੀ ਅਤੇ ਮਾਨਵੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦਿਆਂ ਵੇਦਾਂ, ਉਪਨਿਸ਼ਦਾਂ ਅਤੇ ਗੁਰਬਾਣੀ ਵਿੱਚ ਦਰਸਾਏ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।