- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਕਾਲਜ ’ਚ ਮਨਾਈ ਗਈ ‘ਲੋਹੜੀ ਧੀਆਂ ਦੀ’

-ਆਰਥਿਕ ਤੇ ਸਮਾਜਿਕ ਤਰੱਕੀ ’ਚ ਔਰਤਾਂ ਦਾ ਯੋਗਦਾਨ ਵੱਡਮੁੱਲਾ : ਗੜ੍ਹੀ
-ਸੰਵਿਧਾਨ ’ਚ ਲੜਕੀਆਂ ਤੇ ਲੜਕਿਆਂ ਨੂੰ ਦਿੱਤੇ ਗਏ ਬਰਾਬਰ ਦੇ ਅਧਿਕਾਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ਼ਨਿਚਰਵਾਰ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼, ਸੂਬਾ ਤੇ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਔਰਤਾਂ ਨੂੰ ਬਰਾਬਰ ਦਾ ਸਥਾਨ ਨਹੀਂ ਦਿੱਤਾ ਜਾਂਦਾ। ਸਰਵ ਸੁੱਖ ਸੇਵਾ ਮਿਸ਼ਨ ਵੱਲੋਂ ਡੀਏਵੀ ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ’ਚ ਕਰਵਾਏ ‘ਲੋਹੜੀ ਧੀਆਂ ਦੀ’ ਦੇ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਗੜ੍ਹੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਤਰੱਕੀ ਲਈ ਧੀਆਂ ਦੇ ਹੱਕ ਦੀ ਗੱਲ ਹਰ ਮੰਚ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਹੋਰ ਸਸ਼ਕਤ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਡਾਇਰੈਕਟਰ ਰਜਿੰਦਰ ਸਿੰਘ ਰੀਹਾਲ, ਸ਼੍ਰੀ ਦੇਵੀ ਤਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿੱਜ ਵੀ ਮੌਜੂਦ ਸਨ। ਗੜ੍ਹੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦੇ ਅਧਿਕਾਰ ਦਿੱਤੇ ਹਨ, ਜਿਸ ਸਦਕਾ ਲੜਕੀਆਂ ਅੱਜ ਕਿਸੇ ਖੇਤਰ ’ਚ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ ਸਗੋਂ ਹਰ ਖੇਤਰ ’ਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਸਰ ਕਰਦਿਆਂ ਸੂਬੇ ਤੇ ਦੇਸ਼ ਦੀ ਆਰਥਿਕ ਤੇ ਸਮਾਜਿਕ ਤਰੱਕੀ ’ਚ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੜਕੀਆਂ ਨੂੰ ਹਰ ਪਖੋਂ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲਿਆਂ ਸਦਕਾ ਅੱਜ ਲੜਕੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਸੂਬੇ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਮੌਕੇ, ਸਿੱਖਿਆ ਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ’ਚ ਨਵੀਆਂ ਉੱਚਾਈਆਂ ਹਾਸਲ ਕਰ ਸਕਣ। ਇਸ ਦੌਰਾਨ ਵੱਖ-ਵੱਖ ਖੇਤਰਾਂ ’ਚ ਸਫ਼ਲ ਔਰਤਾਂ ਦਾ ਸਨਮਾਨ ਕੀਤਾ ਗਿਆ। ਚੇਅਰਮੈਨ ਗੜ੍ਹੀ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਕਾਮਯਾਬੀ ਦੀਆਂ ਬੁਲੰਦੀਆਂ ਹਾਸਲ ਕਰਨ ਲਈ ਇਨ੍ਹਾਂ ਸਫ਼ਲ ਔਰਤਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸਰਵ ਸੁੱਖ ਸੇਵਾ ਮਿਸ਼ਨ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕੀਤੀ ਤੇ ਡੀਏਵੀ ਵਿੱਦਿਅਕ ਸੰਸਥਾਵਾਂ ਵੱਲੋਂ ਵਿੱਦਿਅਕ ਖੇਤਰ ’ਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਨੂੰ ਵੀ ਸਲਾਹਿਆ। ਇਸ ਮੌਕੇ ਸਰਵ ਸੁੱਖ ਸੇਵਾ ਮਿਸ਼ਨ ਦੇ ਚੇਅਰਮੈਨ ਅਰਵਿੰਦ ਸ਼ਰਮਾ ਤੇ ਕਾਲਜ ਦੇ ਪ੍ਰਿੰਸੀਪਲ ਅਨੂਪ ਕੁਮਾਰ ਵੱਲੋਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਗੁਰਲਾਲ ਸੈਲਾ, ਸੁਖਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।