ਆਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਖ਼ਿਲਾਫ਼ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ ਆਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਖ਼ਿਲਾਫ਼ ਮੁੱਖ ਮੰਤਰੀ ਦੇ ਨਾਮ ਸੌਂਪਿਆ ਮੰਗ ਪੱਤਰ
Publish Date: Fri, 21 Aug 2026 08:52 PM (IST)
Updated Date: Fri, 21 Aug 2026 08:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਵਾਰਾ ਕੁੱਤਿਆਂ ਦੇ ਵੱਧ ਰਹੇ ਆਤੰਕ ਤੇ ਇਨ੍ਹਾਂ ਦੇ ਹਮਲਿਆਂ ਕਾਰਨ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਅੱਜ ਸਵੈ-ਸੇਵੀ ਸੰਸਥਾ ਦਿਸ਼ਾਦੀਪ ਵੱਲੋਂ ਪੰਜਾਬ ਸਰਕਾਰ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸੰਸਥਾ ਦੇ ਸੰਸਥਾਪਕ ਤੇ ਚੀਫ ਲਾਇਨ ਐੱਸਐੱਮ ਸਿੰਘ, ਉਪ ਚੇਅਰਮੈਨ ਸ਼ੈਲੀ ਅਲਬਰਟ ਅਤੇ ਉਪ ਪ੍ਰਧਾਨ ਤਰਸੇਮ ਜਲੰਧਰੀ ਨੇ ਸਹਾਇਕ ਡਵੀਜ਼ਨਲ ਕਮਿਸ਼ਨਰ ਜਲੰਧਰ ਅਮਨਿੰਦਰ ਕੌਰ ਬਰਾੜ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਮੌਕੇ ਲਾਇਨ ਐੱਸਐੱਮ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਛੇ ਹਫ਼ਤਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਪੰਜ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਇੱਕ ਬੱਚੀ ਵੀ ਸ਼ਾਮਲ ਹੈ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ ’ਤੇ ਕਦਮ ਚੁੱਕਣਾ ਚਾਹੀਦਾ ਹੈ। ਦਿਸ਼ਾਦੀਪ ਵੱਲੋਂ ਮੰਗ ਕੀਤੀ ਗਈ ਕਿ ਕੁੱਤਿਆਂ ਦੇ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਸ਼ਹਿਰਾਂ ਦੀ ਤਰ੍ਹਾਂ ਪਿੰਡਾਂ ਵਿੱਚ ਵੀ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇ। ਜਿਹੜੇ ਕੁੱਤੇ ਪੰਚਾਇਤਾਂ ਜਾਂ ਨਗਰ ਨਿਗਮਾਂ ਕੋਲ ਰਜਿਸਟਰਡ ਨਹੀਂ ਹਨ, ਉਨ੍ਹਾਂ ਦੀ ਨਸਬੰਦੀ ਕਰਵਾਉਣ ਲਈ ਠੋਸ ਨੀਤੀ ਬਣਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੁੱਤਿਆਂ ਦੇ ਹਮਲਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਸਾਰੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾਵੇ। ਪਾਲਤੂ ਕੁੱਤੇ ਦੇ ਹਮਲੇ ਕਾਰਨ ਕਿਸੇ ਵਿਅਕਤੀ ਦੇ ਜ਼ਖ਼ਮੀ ਜਾਂ ਮਾਰੇ ਜਾਣ ਦੀ ਸੂਰਤ ਵਿੱਚ ਮਾਲਕ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਲਾਇਨ ਐੱਸਐੱਮ ਸਿੰਘ ਨੇ ਕਿਹਾ ਕਿ ਮਨੁੱਖੀ ਜੀਵਨ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਪਸ਼ੂ-ਪ੍ਰੇਮੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਏਡੀਸੀ ਜਲੰਧਰ ਅਮਨਿੰਦਰ ਕੌਰ ਬਰਾੜ ਨੇ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਇਆ ਜਾਵੇਗਾ।