ਪੰਜਾਬ ਸਰਕਾਰ ਦੇ ਲੋਕ ਹਿਤੈਸ਼ੀ ਫ਼ੈਸਲਿਆਂ ਤੋਂ ਹਰ ਵਰਗ ਖੁ਼ਸ਼ : ਇੰਦਰਜੀਤ ਕੌਰ ਮਾਨ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹੈ : ਇੰਦਰਜੀਤ ਕੌਰ ਮਾਨ
Publish Date: Tue, 22 Sep 2026 08:51 PM (IST)
Updated Date: Tue, 22 Sep 2026 08:54 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ’ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ। ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਦਕਾ ਲੋਕਾਂ ਦੀ ਮਿਹਨਤ ਦੀ ਕਮਾਈ ਦੀ ਬੱਚਤ ਹੋ ਰਹੀ ਹੈ। ਜਨ ਸੰਪਰਕ ਮੁਹਿੰਮ ਦੌਰਾਨ ਲੋਕਾਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਤੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ, ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ, ਮੁਫ਼ਤ ਤੀਰਥ ਯਾਤਰਾ, ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਸਮੇਤ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਸਦਕਾ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇਜ਼ੀ ਨਾਲ ਤਰੱਕੀ ਦੇ ਰਾਹ ’ֽਤੇ ਅੱਗੇ ਵਧ ਰਿਹਾ ਹੈ ਅਤੇ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ।