ਜਤਿੰਦਰ ਪੰਮੀ, ਜਲੰਧਰ

ਸ਼ਹਿਰ 'ਚ ਆਵਾਜਾਈ ਦੀ ਵੱਧ ਰਹੀ ਸਮੱਸਿਆ ਦੇ ਹੱਲ ਲਈ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਪੀ ਸੋਨੀ ਨੇ ਸਿਵਲ, ਪੁਲਿਸ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ 'ਚ ਆਵਾਜਾਈ ਨੂੰ ਸਚਾਰੂ ਅਤੇ ਅਸਰਦਾਰ ਢੰਗ ਨਾਲ ਚਲਾਉਣ ਲਈ ਪ੍ਰਭਾਵਸ਼ਾਲੀ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਵੀਂ ਗਠਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਲ, ਪੁਲਿਸ ਤੇ ਨਗਰ ਨਿਗਮ ਨੂੰ ਅਵਾਜਾਈ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਸਾਂਝਾ ਐਕਸ਼ਨ ਪਲਾਨ ਤਿਆਰ ਕਰਨਾ ਚਾਹੀਦਾ ਹੈ। ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਸ਼ਹਿਰ 'ਚ ਇਕ ਥਾਂ ਤੋਂ ਦੂਜੀ ਥਾਂ 'ਤੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।

ਇਸ ਮੌਕੇ ਉਨ੍ਹਾਂ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ। ਉਨ੍ਹਾਂ ਏਡੀਸੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਨੂੰ ਚੌੜਾ ਕੀਤੇ ਜਾਣ ਦੇ ਕੰਮ 'ਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਨਤਕ ਭਲਾਈ ਦੇ ਕੰਮਾਂ ਨੂੰ ਸਹੀ ਚੰਗ ਨਾਲ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਡਰਾਈਵਿੰਗ ਟਰੈਕ 'ਤੇ ਆਉਣ ਵਾਲੇ ਲੋਕਾਂ ਵਾਸਤੇ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਉਨ੍ਹਾਂ ਵੱਲੋਂ ਡਰਾਈਵਿੰਗ ਟਰੈਕ 'ਤੇ ਬੁਨਿਆਦੀ ਢਾਂਚੇ 'ਚ ਹੋਰ ਸੁਧਾਰ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੰਮਾ ਪਿੰਡ ਤੋਂ ਜੰਡੂਸਿੰਘਾ ਤੇ ਫਿਲੌਰ ਤੋਂ ਨਕੋਦਰ, ਨਕੋਦਰ ਤੋਂ ਕਾਲਾ ਸੰਿਘਆਂ ਰੋਡ ਨੂੰ ਨਵਿਆਉਣ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਸਰਕਾਰ ਵੱਲੋਂ ਉਸਾਰੇ ਗਏ 3 ਨਵੇਂ ਸਿਹਤ ਕੇਂਦਰਾਂ ਰਾਹੀਂ ਸੇਵਾਵਾਂ ਮੁਹੱਈਆ ਕਰਨੀਆਂ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਸਿਹਤ ਸਬੰਧੀ ਚੰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ ਤੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਲਾਸਟਿਕ ਦੇ ਲਿਫਾਿਫ਼ਆਂ 'ਤੇ ਲਾਈ ਗਈ ਮੁਕੰਮਲ ਪਾਬੰਦੀ ਨੂੰ ਇਨ-ਬਿਨ ਲਾਗੂ ਕਰਨ।

ਇਸ ਮੌਕੇ ਵਿਧਾਇਕ ਪਰਗਟ ਸਿੰਘ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਅਵਤਾਰ ਸਿੰਘ ਬਾਵਾ ਹੈਨਰੀ ਤੇ ਪਵਨ ਕੁਮਾਰ ਟੀਨੂੰ, ਮੇਅਰ ਜਗਦੀਸ਼ ਰਾਜ ਰਾਜਾ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ ਤੇ ਹੋਰ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ, ਏਡੀਸੀ ਕੁਲਵੰਤ ਸਿੰਘ ਜੋ ਕਿ ਬਤੌਰ ਡਿਪਟੀ ਕਮਿਸ਼ਨਰ ਜਲੰਧਰ ਦਾ ਕੰਮਕਾਜ ਵੇਖ ਰਹੇ ਹਨ, ਐੱਸਐੱਸਪੀ ਨਵਜੋਤ ਸਿੰਘ ਮਾਹਲ, ਏਡੀਸੀ ਜਸਬੀਰ ਸਿੰਘ, ਡੀਸੀਪੀ ਗੁਰਮੀਤ ਸਿੰਘ ਤੋਂ ਇਲਾਵਾ ਹੋਰਨਾਂ ਵੱਲੋਂ ਡਾਕਟਰੀ ਸਿੱਖਿਆ ਮੰਤਰੀ ਓਪੀ ਸੋਨੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਐੱਸਡੀਐੱਮ ਅਮਿਤ ਕੁਮਾਰ ਪੰਚਾਲ, ਚਾਰੂਮਿਤਾ, ਸ਼ਾਇਰੀ ਮਲਹੋਤਰਾ ਤੇ ਅਨੂਪ੍ਰਰੀਤ ਕੌਰ, ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਕਿਰਤ ਸੁਖਜਿੰਦਰ ਸਿੰਘ, ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਤਰਸੇਮ ਲਾਲ, ਜਨਰਲ ਮੇਨੈਜਰ ਰੋਡਵੇਜ਼ ਜੀਐੱਸ ਮਿਨਹਾਸ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਤੇ ਰਾਮ ਪਾਲ ਸੈਣੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।