ਪੀਐੱਮ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਆਈਡੀ ਜ਼ਰੂਰੀ
ਪੀਐੱਮ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨ ਆਈਡੀ ਬਣਾਉਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ
Publish Date: Tue, 24 Mar 2026 10:18 PM (IST)
Updated Date: Tue, 24 Mar 2026 10:19 PM (IST)

-ਕਿਸਾਨ ਆਈਡੀ ਲਈ ਨੇੜਲੇ ਕਾਮਨ ਸਰਵਿਸ ਸੈਂਟਰਾਂ ਵਿਖੇ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਕਿਸਾਨਾਂ ਵੱਲੋਂ ਐਗਰੀਸਟੈੱਕ ਤਹਿਤ ਆਨਲਾਈਨ ਪੋਰਟਲ ’ਤੇ ਰਜਿਸਟਰ ਹੋ ਕੇ ਫਾਰਮਰ ਆਈਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਦੀ ਕਿਸਾਨ ਆਈਡੀ ਬਣੀ ਹੋਵੇਗੀ, ਭਵਿੱਖ ’ਚ ਉਨ੍ਹਾਂ ਕਿਸਾਨਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰ ਰਹੇ ਹਨ, ਉਹ ਆਪਣੀ ਆਈਡੀ ਨੇੜੇ ਦੇ ਕਾਮਨ ਸਰਵਿਸ ਸੈਂਟਰ (ਸੀਐੱਸਸੀ) ’ਤੇ ਜਾ ਕੇ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦਾ ਡਾਟਾਬੇਸ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਡੀਬੀਟੀ ਰਾਹੀਂ ਸਰਕਾਰੀ ਸਹੂਲਤਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਸਿੱਧਾ ਉਨ੍ਹਾਂ ਦੇ ਖਾਤਿਆਂ ’ਚ ਟਰਾਂਸਫਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ’ਚ ਯੋਜਨਾ ਦਾ ਲਾਭ ਲੈਣ ਲਈ ਕਿਸਾਨਾ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਆਪਣਾ ਆਧਾਰ ਕਾਰਡ ਤੇ ਜ਼ਮੀਨ ਦੀ ਫ਼ਰਦ ਲੈ ਕੇ ਨੇੜੇ ਦੇ ਸੀਐੱਸਸੀ ਸੈਂਟਰ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀਐੱਸਸੀ ਦੇ ਸਹਿਯੋਗ ਨਾਲ ਪਿੰਡ ਪੱਧਰੀ ਕੈਂਪ ਵੀ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਉਪਰੰਤ ਹਰੇਕ ਲਾਭਪਾਤਰੀ ਕਿਸਾਨ ਨੂੰ ਵਿਲੱਖਣ ਕਿਸਾਨ ਆਈਡੀ ਜਾਰੀ ਕੀਤੀ ਜਾਵੇਗੀ ਤੇ ਇਸ ਆਈਡੀ ਰਾਹੀਂ ਕਿਸਾਨ ਦੇ ਮੌਜੂਦਾ ਪੀਐੱਮ ਕਿਸਾਨ ਖਾਤੇ ਨੂੰ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਛਾਣ ਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਆਈਡੀ ਸਬੰਧੀ ਸਬੰਧਤ ਬਲਾਕ ਦੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।