- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1.5 ਕਿਲੋ ਅਫੀਮ ਸਮੇਤ ਮੱਧ ਪ੍ਰਦੇਸ਼ ਦਾ ਵਿਅਕਤੀ ਗ੍ਰਿਫ਼ਤਾਰ

-ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਦਰਜ ਹੈ ਮਾਮਲਾ
-ਨਸ਼ਾ ਤਸਕਰੀ ਦੇ ਨੈੱਟਵਰਕ ਦੀ ਜਾਂਚ ’ਚ ਜੁਟੀ ਪੁਲਿਸ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਥਾਣਾ ਫਿਲੌਰ ਦੀ ਪੁਲਿਸ ਨੇ ਡੇਢ ਕਿੱਲੋਗ੍ਰਾਮ ਅਫੀਮ ਸਮੇਤ ਮੱਧ ਪ੍ਰਦੇਸ਼ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਹੁਣ ਉਸ ਦੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਡੀਐੱਸਪੀ ਫਿਲੌਰ ਭਾਰਤ ਮਸੀਹ ਨੇ ਦੱਸਿਆ ਕਿ ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸਪੀ ਇਨਵੈਸਟੀਗੇਸ਼ਨ ਵਿਨੀਤ ਅਹਲਾਵਤ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਥਾਣਾ ਫਿਲੌਰ ਦੇ ਮੁੱਖ ਅਫ਼ਸਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਪਿੰਡ ਗੰਨਾ ਨੇੜਿਓਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਪੰਕਜ ਕੁਮਾਰ ਪੁੱਤਰ ਗੋਪਾਲ ਸੁਧਾਰ, ਵਾਸੀ ਪਿੰਡ ਪਾਰਧੀ ਬਾਣਾ ਸਿੰਗੋਲੀ, ਜ਼ਿਲ੍ਹਾ ਨੀਮਚ, ਮੱਧ ਪ੍ਰਦੇਸ਼ ਵਜੋਂ ਹੋਈ। ਤਲਾਸ਼ੀ ਲੈਣ 'ਤੇ ਡੇਢ ਕਿੱਲੋ ਅਫੀਮ ਬਰਾਮਦ ਹੋਈ।
ਡੀਐੱਸਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 389, ਮਿਤੀ 08.11.2026 ਨੂੰ ਧਾਰਾ 18/61/85 ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 293, ਮਿਤੀ 04.10.2024 ਨੂੰ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ। ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਲਾਕੇ ’ਚ ਕਿਸ ਨੂੰ ਅਫੀਮ ਦੀ ਸਪਲਾਈ ਕਰਦਾ ਸੀ ਤੇ ਇਸ ਨਸ਼ਾ ਤਸਕਰੀ ਦੇ ਨੈੱਟਵਰਕ ’ਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।