ਮਨਦੀਪ ਕੁਮਾਰ ਦਾ ਅਜੇ ਤੱਕ ਨਹੀਂ ਹੋ ਸਕਿਆ ਸਸਕਾਰ
ਮਨਦੀਪ ਕੁਮਾਰ ਦਾ ਅਜੇ ਤੱਕ ਨਹੀਂ ਹੋ ਸਕਿਆ ਸਸਕਾਰ
Publish Date: Tue, 06 Jan 2026 08:51 PM (IST)
Updated Date: Tue, 06 Jan 2026 08:53 PM (IST)

--ਏਜੰਟਾਂ ਦੀ ਗ੍ਰਿਫ਼ਤਾਰੀ ਤੇ ਆਰਥਿਕ ਮਦਦ ਦੀ ਮੰਗ ਮਨਜੀਤ ਮੱਕੜ/ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਰੂਸ-ਯੂਕਰੇਨ ਜੰਗ ਦੌਰਾਨ ਮਾਰੇ ਗਏ ਗੁਰਾਇਆ ਦੇ ਨੌਜਵਾਨ ਮਨਦੀਪ ਕੁਮਾਰ ਦਾ ਅੱਜ ਵੀ ਸਸਕਾਰ ਨਹੀਂ ਹੋ ਸਕਿਆ। ਪਰਿਵਾਰ ਵੱਲੋਂ ਮਨਦੀਪ ਦੀ ਫੌਜੀ ਵਰਦੀ, ਬੈਜ ਤੇ ਰੂਸ ਤੋਂ ਆਇਆ ਝੰਡਾ ਸਾਰਿਆਂ ਦੇ ਸਾਹਮਣੇ ਰੱਖ ਕੇ ਆਪਣਾ ਦਰਦ ਸਾਂਝਾ ਕੀਤਾ ਗਿਆ। ਇਸ ਮੌਕੇ ਪਰਿਵਾਰ ਨੇ ਡੌਂਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਸਰਕਾਰ ਵੱਲੋਂ ਆਰਥਿਕ ਮਦਦ ਦੇਣ ਦੀ ਮੰਗ ਕੀਤੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ’ਤੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮ੍ਰਿਤਕ ਦੇ ਭਰਾ ਨੂੰ ਰੂਸ ਭੇਜਣ ਲਈ ਟਿਕਟ ਆਦਿ ਵਾਸਤੇ ਆਰਥਿਕ ਮਦਦ ਦਿੱਤੀ ਗਈ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਇਹ ਮਦਦ ਉਨ੍ਹਾਂ ਨੇ ਆਪਣਾ ਫ਼ਰਜ਼ ਸਮਝ ਕੇ ਕੀਤੀ ਹੈ ਤੇ ਇਸ ਮਾਮਲੇ ਨੂੰ ਸੰਸਦ ’ਚ ਵੀ ਉਠਾਇਆ ਗਿਆ ਸੀ। ਸੰਸਦ ਤੋਂ ਮਿਲੀ ਜਾਣਕਾਰੀ ਅਨੁਸਾਰ 127 ਨੌਜਵਾਨ ਫੌਜ ’ਚ ਭਰਤੀ ਹੋਏ ਸਨ, ਜਿਨ੍ਹਾਂ ’ਚੋਂ 112 ਨੌਜਵਾਨ ਵਾਪਸ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰੂਸ ’ਚ ਸਿੱਧਾ ਦਖਲ ਦੇਣਾ ਸੰਭਵ ਨਹੀਂ, ਸਗੋਂ ਸਿਰਫ਼ ਅੰਬੈਸੀ ਰਾਹੀਂ ਹੀ ਮਦਦ ਕੀਤੀ ਜਾ ਸਕਦੀ ਹੈ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਉਂਦਿਆਂ ਮੰਗ ਕੀਤੀ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਯਕੀਨ ਦਿਵਾਇਆ ਕਿ ਜੇ ਸਰਕਾਰ ਨੇ ਮਦਦ ਨਾ ਕੀਤੀ ਤਾਂ ਬਸਪਾ ਹਰ ਤਰ੍ਹਾਂ ਦਾ ਸੰਘਰਸ਼ ਕਰੇਗੀ। ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਮੌਕੇ ’ਤੇ ਪਹੁੰਚ ਕੇ ਯਕੀਨ ਦਿਵਾਇਆ ਕਿ ਇਸ ਕੇਸ ਦਾ ਚਲਾਨ ਜਲਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪੁਲਿਸ ਦੇ ਕਿਸੇ ਕਰਮਚਾਰੀ ਦੀ ਅਣਗਹਿਲੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਜਾਂਚ ਉਪਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।