‘ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਨੇ ਕੀਤੀ ਵਿਸ਼ਾਲ ਰੋਸ ਰੈਲੀ ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਨੇ ਕੀਤੀ ਵਿਸ਼ਾਲ ਰੋਸ ਰੈਲੀ ਸੈਕੜੇ ਕਾਰਕੁਨਾਂ ਨੇ ਬਾਅਦ ’ਚ ਕੀਤਾ ਵਿਸਾਲ ਰੋਸ ਮਾਰਚ
Publish Date: Thu, 01 Oct 2026 07:20 PM (IST)
Updated Date: Fri, 02 Oct 2026 04:10 AM (IST)
ਸੈਂਕੜੇ ਕਾਰਕੁੰਨਾਂ ਨੇ ਬਾਅਦ ’ਚ ਕੀਤਾ ਵਿਸ਼ਾਲ ਰੋਸ ਮਾਰਚ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੇ ਸੱਦੇ ’ਤੇ ਦੇਸ਼ ਭਗਤ ਯਾਦਗਾਰ ਜਲੰਧਰ ਦੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿਖੇ ਐੱਸਆਈਆਰ (ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ) ਦੇ ਵਿਰੋਧ ’ਚ ਰੋਸ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਦਰਸ਼ਨ ਨਾਹਰ, ਕੁਲਵਿੰਦਰ ਸਿੰਘ ਵੜੈਚ ਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਨੇ ਕੀਤੀ। ਰੈਲੀ ਨੂੰ ਆਰਐੱਮਪੀਆਈ, ਸੀਪੀਆਈ (ਐੱਮਐੱਲ) ਨਿਊ ਡੈਮੋਕ੍ਰੇਸੀ ਤੇ ਸੀਪੀਆਈ (ਐੱਮਐੱਲ) ਲਿਬ੍ਰੇਸ਼ਨ ਦੇ ਕੇਂਦਰੀ ਤੇ ਸੂਬਾਈ ਆਗੂਆਂ ਮੰਗਤ ਰਾਮ ਪਾਸਲਾ, ਦਰਸ਼ਨ ਖਟਕੜ, ਸੁਖਦਰਸ਼ਨ ਨੱਤ, ਪਰਗਟ ਸਿੰਘ ਜਾਮਾਰਾਏ, ਹੰਸ ਰਾਜ ਪੱਬਵਾਂ ਤੇ ਸੁਰਿੰਦਰ ਸ਼ਰਮਾ ਨੇ ਸੰਬੋਧਨ ਕੀਤਾ। ਮੰਚ ਸੰਚਾਲਨ ਮਹੀਪਾਲ ਨੇ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਐੱਸਆਈਆਰ ਰਾਹੀਂ ਦੇਸ਼ ਦੇ ਕਰੋੜਾਂ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਰਐੱਸਐੱਸ, ਭਾਜਪਾ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਇਹ ਪ੍ਰਕਿਰਿਆ ਲੋਕਤੰਤਰ ਤੇ ਸੰਵਿਧਾਨਕ ਅਧਿਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ਿਆਂ ਦੀ ਵੀ ਮੰਗ ਕੀਤੀ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਐੱਸਆਈਆਰ ਦੀ ਪ੍ਰਕਿਰਿਆ ਤੋਂ ਬਾਅਦ ਹੋਈਆਂ ਚੋਣਾਂ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਐੱਸਆਈਆਰ ਤੋਂ ਪਹਿਲਾਂ ਦੀਆਂ ਵੋਟਰ ਸੂਚੀਆਂ ਨੂੰ ਬਹਾਲ ਕੀਤਾ ਜਾਵੇ ਤੇ ਇਸ ਪ੍ਰਕਿਰਿਆ ਨੂੰ ਵਾਪਸ ਲਿਆ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਜਨਤਕ ਲਾਮਬੰਦੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੈਲੀ ’ਚ ਸ਼ਿਵ ਕੁਮਾਰ ਪਠਾਨਕੋਟ, ਸਤੀਸ਼ ਰਾਣਾ, ਮੋਹਣ ਸਿੰਘ ਧਮਾਣਾ ਤੇ ਚਰਨਜੀਤ ਸਿੰਘ ਭਿੰਡਰ ਸਮੇਤ ਹੋਰ ਆਗੂ ਤੇ ਕਾਰਕੁਨ ਮੌਜੂਦ ਸਨ। ਰੋਸ ਰੈਲੀ ਦੀ ਸਮਾਪਤੀ ਉਪਰੰਤ ਸ਼ਹਿਰ ’ਚ ਰੋਹ ਭਰਪੂਰ ਮੁਜ਼ਾਹਰਾ ਵੀ ਕੀਤਾ ਗਿਆ।