ਸੀਐੱਮ ਦਾ ਬਿਆਨ ਨਿੰਦਣਯੋਗ : ਰੁਪਾਣਾ
ਰਾਜਾ ਸਾਹਿਬ ਅਸਥਾਨ ਬਾਰੇ ਮਾਨ ਸਰਕਾਰ ਦਾ ਬਿਆਨ ਘਟੀਆ : ਤਰਸੇਮ ਰੁਪਾਣਾ
Publish Date: Tue, 20 Jan 2026 06:25 PM (IST)
Updated Date: Tue, 20 Jan 2026 06:27 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਵਿਸ਼ਵ ਪ੍ਰਸਿੱਧ ਤੇ ਇਤਿਹਾਸਕ ਧਾਰਮਿਕ ਅਸਥਾਨ ਧੰਨ ਧੰਨ ਨਾਭ ਕੰਵਲ ਰਾਜਾ ਸਾਹਿਬ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਬਿਆਨ ਨੂੰ ਲੈ ਕੇ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਹ ਪ੍ਰਗਟਾਵਾ ਤਰਸੇਮ ਰੁਪਾਣਾ ਪ੍ਰਧਾਨ ਵਿਮੁਕਤ ਜਾਤੀਆਂ ਭਗਵੰਤ ਮਾਨ ਦੇ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਧਾਰਮਿਕ ਮਸਲਿਆਂ ’ਚ ਦਖ਼ਲਅੰਦਾਜ਼ੀ ਕਰਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਹਰ ਪੱਖੋਂ ਫੇਲ੍ਹ ਸਾਬਤ ਹੋ ਚੁੱਕੀ ਹੈ ਪਰ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਹਟਾ ਕੇ ਧਾਰਮਿਕ ਅਸਥਾਨਾਂ ਬਾਰੇ ਗ਼ੈਰ-ਜ਼ਿੰਮੇਵਾਰ ਬਿਆਨਬਾਜ਼ੀ ਕਰ ਰਹੀ ਹੈ। ਤਰਸੇਮ ਰੁਪਾਣਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਬਿਆਨ ਲਈ ਤੁਰੰਤ ਮਾਫ਼ੀ ਨਾ ਮੰਗੀ ਗਈ ਤਾਂ ਭਾਜਪਾ ਵੱਲੋਂ ਸੰਗਤਾਂ ਨੂੰ ਨਾਲ ਲੈ ਕੇ ਮਾਨ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਭਜਨ ਲਾਲ ਸੈਫਾਬਾਦ, ਵਿਨੋਦ ਰਹੇਜਾ (ਮੰਡਲ ਪ੍ਰਧਾਨ ਫਿਲੌਰ), ਸ਼ਾਮ ਲਾਲ ਸਮੇਤ ਹੋਰ ਆਗੂ ਹਾਜ਼ਰ ਸਨ।