ਲੁਧਿਆਣਾ ਦੀ ਘਟਨਾ ਖ਼ਿਲਾਫ਼ ਫਿਲੌਰ 'ਚ ਜ਼ਬਰਦਸਤ ਰੋਸ, ਅੰਬੇਡਕਰ ਚੌਂਕ 'ਚ ਇਕੱਠੇ ਹੋਏ ਅੰਬੇਡਕਰਵਾਦੀਆਂ ਨੇ ਕੀਤੀ ਸਖ਼ਤ ਨਿਖੇਧੀ
ਪ੍ਰਦਰਸ਼ਨ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂ ਖੁਸ਼ੀ ਰਾਮ ਨੰਗਲ, ਤੀਰਥ ਰਾਜਪੁਰਾ, ਕੁਲਵੀਰ ਅੱਟੀ, ਮਹਿੰਦਰਪਾਲ ਤੇਹਿੰਗ, ਤਰਸੇਮ ਬਿੱਲੂ, ਬਲਾਕ ਸੰਮਤੀ ਦੇ ਚੇਅਰਪਰਸਨ ਸੰਦੀਪ ਕੌਰ ਲਾਂਦੜਾ ਅਤੇ ਬਲਾਕ ਸੰਮਤੀ ਮੈਂਬਰ ਅਨੀਤਾ ਪੌਲ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਡਾ. ਭੀਮ ਰਾਓ ਅੰਬੇਡਕਰਵਾਦੀ ਲੋਕ ਹਾਜ਼ਰ ਸਨ।
Publish Date: Thu, 10 Sep 2026 11:07 AM (IST)
Updated Date: Thu, 10 Sep 2026 11:11 AM (IST)
ਫਿਲੌਰ, ਪੰਜਾਬੀ ਜਾਗਰਣ, ਨਵਦੀਪ ਸਿੰਘ ਨਵੀ। ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੇ ਵਿਰੋਧ ’ਚ ਬੁੱਧਵਾਰ ਨੂੰ ਫਿਲੌਰ ਦੇ ਡਾਕਟਰ ਭੀਮ ਰਾਓ ਅੰਬੇਡਕਰ ਚੌਂਕ ਵਿਖੇ ਅੰਬੇਡਕਰਵਾਦੀ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂ ਖੁਸ਼ੀ ਰਾਮ ਨੰਗਲ, ਤੀਰਥ ਰਾਜਪੁਰਾ, ਕੁਲਵੀਰ ਅੱਟੀ, ਮਹਿੰਦਰਪਾਲ ਤੇਹਿੰਗ, ਤਰਸੇਮ ਬਿੱਲੂ, ਬਲਾਕ ਸੰਮਤੀ ਦੇ ਚੇਅਰਪਰਸਨ ਸੰਦੀਪ ਕੌਰ ਲਾਂਦੜਾ ਅਤੇ ਬਲਾਕ ਸੰਮਤੀ ਮੈਂਬਰ ਅਨੀਤਾ ਪੌਲ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਡਾ. ਭੀਮ ਰਾਓ ਅੰਬੇਡਕਰਵਾਦੀ ਲੋਕ ਹਾਜ਼ਰ ਸਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸੰਵਿਧਾਨ, ਸਮਾਜਿਕ ਬਰਾਬਰੀ ਅਤੇ ਨਿਆਂ ਦੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੇ ਬੁੱਤਾਂ ਨਾਲ ਛੇੜਛਾੜ ਦੀਆਂ ਘਟਨਾਵਾਂ ਸਮਾਜ ਵਿੱਚ ਚਿੰਤਾ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।
ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁਧਿਆਣਾ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਤਹਿਤ ਬੁੱਤਾਂ ਦੇ ਆਲੇ-ਦੁਆਲੇ ਸੀ.ਸੀ.ਟੀ.ਵੀ. ਕੈਮਰੇ, ਸੋਲਰ ਲਾਈਟਾਂ, ਸ਼ੀਸ਼ੇ ਅਤੇ ਹੋਰ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਦੱਸਿਆ ਕਿ 10 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਹੈੱਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਨ੍ਹਾਂ ਮੰਗ ਪੱਤਰਾਂ ਰਾਹੀਂ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਤੋਂ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ।
ਫਿਲੌਰ ਦੇ ਡਾਕਟਰ ਭੀਮ ਰਾਓ ਅੰਬੇਡਕਰ ਚੌਂਕ ਵਿਖੇ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਡਾ. ਅੰਬੇਡਕਰ ਦੇ ਬੁੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।