- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਦਿੱਤੀ ਚੁਣੌਤੀ ਖਿਲਾਫ਼ ਵੱਡੇ ਪੱਧਰ ਤੇ ਹੋਇਆ ਵਿਰੋਧ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ, ਗੁਰੂ ਤੇਗ ਬਹਾਦੁਰ ਨਗਰ ’ਚ ਮੀਟਿੰਗ ਕੀਤੀ ਗਈ, ਜਿਸ ’ਚ ਸ਼੍ਰੋਮਣੀ ਅਕਾਲੀ ਦਲ ਵਲੋ ਵਿਸ਼ੇਸ਼ ਤੌਰ ’ਤੇ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਮਨਜੀਤ ਸਿੰਘ ਜੀ ਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਤੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ, ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਤੇ ਜਲੰਧਰ ਦੀਆਂ ਸਿੰਘ ਸਭਾਵਾਂ, ਧਾਰਮਿਕ ਜਥਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪਾਰਟੀ ਵਰਕਰਾਂ ਤੇ ਪੰਥਕ ਹਿਤੈਸ਼ੀਆ ਨੇ ਹਾਜ਼ਰੀ ਭਰੀ। ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਉਸ ਖਿਲਾਫ਼ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਪਾਰਟੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ-ਮਰਿਆਦਾ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਚੌਤਰਫਾ ਨਿੰਦਾ ਕੀਤੀ ਜਾ ਰਹੀ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਸ਼ਾਨ, ਮਰਿਆਦਾ ਅਤੇ ਸਤਿਕਾਰ ਨੂੰ ਕਿਸੇ ਵੀ ਹਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।
ਜਥੇਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਜਾਂ ਕੂੜ ਪ੍ਰਚਾਰ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਸਮਝਦਿਆਂ ਸਿੱਖ ਸੰਸਥਾਵਾਂ ਪ੍ਰਤੀ ਪੂਰਾ ਸਤਿਕਾਰ ਰੱਖਣਾ ਚਾਹੀਦਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਫ਼ੈਸਲਿਆਂ ’ਤੇ ਸਵਾਲ ਖੜ੍ਹੇ ਕਰਨ ਦੀ ਕੋਸ਼ਿਸ਼ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਹਮੇਸ਼ਾ ਖੜ੍ਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮਾਮਲੇ ’ਤੇ ਆਪਣਾ ਸਪੱਸ਼ਟੀਕਰਨ ਦੇਣ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ। ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਸੰਕਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਮੀਟਿੰਗ ’ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਨ-ਮਰਿਆਦਾ ਪ੍ਰਤੀ ਅਟੁੱਟ ਸ਼ਰਧਾ ਪ੍ਰਗਟ ਕੀਤੀ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਥਕ ਸੰਸਥਾਵਾਂ ਦੀ ਸ਼ਾਨ ਦੀ ਰਾਖੀ ਲਈ ਡਟਿਆ ਰਹੇਗਾ।
ਮੀਟਿੰਗ ਉਪਰੰਤ ਪਾਰਟੀ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਪਾਰਟੀ ਦਾ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ ਤੇ ਇਸ ਨੂੰ ਰਾਜਨੀਤਿਕ ਰੰਗਤ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਇਸ ਮੌਕੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਆਗੂਆਂ, ਵਰਕਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਕਿਰਪਾਲ ਸਿੰਘ, ਬਲਦੇਵ ਸਿੰਘ ਖਹਿਰਾ, ਬਚਿੱਤਰ ਸਿੰਘ ਕੋਹਾੜ, ਗੁਰਬਚਨ ਸਿੰਘ ਮੱਕੜ, ਮਨਬੀਰ ਸਿੰਘ ਅਕਾਲੀ, ਗਗਨਦੀਪ ਸਿੰਘ ਗੱਗੀ, ਸੁਖਮਿੰਦਰ ਸਿੰਘ ਰਾਜਪਾਲ, ਚਰਨਜੀਤ ਸਿੰਘ ਲਾਲੀ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਜਸਵੀਰ ਸਿੰਘ ਦਕੋਹਾ, ਮਨਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਗੁਰਿੰਦਰ ਸਿੰਘ ਮਝੈਲ, ਰਾਜਬੀਰ ਸਿੰਘ ਸ਼ੰਟੀ, ਚਰਨ ਸਿੰਘ, ਕੁਲਦੀਪ ਸਿੰਘ ਬੈਂਸ, ਅੰਮ੍ਰਿਤਵੀਰ ਸਿੰਘ, ਮਨੀਸ਼ ਗਿੱਲ, ਪਵਿੰਦਰ ਸਿੰਘ ਠੁਕਰਾਲ, ਵਿਨੋਦ ਕੋਲ, ਗੌਰਵ ਭਗਤ, ਸੁਰਜੀਤ ਸਿੰਘ ਨੀਲਾਮਹਿਲ, ਜੋਤ ਜੀਵਨ ਸਿੰਘ, ਜਸਪਾਲ ਸਿੰਘ, ਚੇਤਨਿਆ ਗੁਪਤਾ, ਅਰਜੁਨ ਬਹਿਲ, ਸੁਰਜੀਤ ਸਿੰਘ ਨੀਲਾਮਹਿਲ ਤੇ ਰਵਿੰਦਰ ਸਿੰਘ ਸਵੀਟੀ ਆਦਿ ਹਾਜ਼ਰ ਸਨ।